ਜਲੰਧਰ : ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਪਾਰਟੀ ਇੰਚਾਰਜ ਹਰੀਸ਼ ਚੌਧਰੀ ਨੇ ਦਿੱਲੀ ਵਿਚ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਬੈਠਕ ਕੀਤੀ । ਇਸ ਦੌਰਾਨ ਪੰਜਾਬ ਕਾਂਗਰਸ ਨੂੰ ਲੈ ਕੇ ਅਹਿਮ ਵਿਚਾਰ-ਵਟਾਂਦਰਾ ਹੋਇਆ। ਦੱਸਿਆ ਜਾਂਦਾ ਹੈ ਕਿ ਬੈਠਕ ਵਿਚ ਰਾਹੁਲ ਅਤੇ ਹਰੀਸ਼ ਚੌਧਰੀ ਨੇ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ ਨੂੰ ਲੈ ਕੇ ਚਰਚਾ ਕੀਤੀ। ਕਾਂਗਰਸ ਦੇ ਇਕ ਵਿਧਾਇਕ ਰਾਣਾ ਸੋਢੀ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਰਾਹੁਲ ਨੇ ਹਰੀਸ਼ ਚੌਧਰੀ ਨੂੰ ਬੈਠਕ ਲਈ ਸੱਦਿਆ ਸੀ। ਸਮਝਿਆ ਜਾਂਦਾ ਹੈ ਕਿ ਹਰੀਸ਼ ਚੌਧਰੀ ਨੇ ਰਾਹੁਲ ਨੂੰ ਭਰੋਸਾ ਦਿੱਤਾ ਹੈ ਕਿ ਕਾਂਗਰਸ ਦਾ ਕੋਈ ਵੀ ਵਿਧਾਇਕ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਿਹਾ। ਰਾਹੁਲ ਨਾਲ ਬੈਠਕ ਪਿੱਛੋਂ ਹਰੀਸ਼ ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ’ਚ ਕਾਂਗਰਸ ਦਾ ਕੋਈ ਵੀ ਮੰਤਰੀ ਭਾਜਪਾ ਵਿਚ ਸ਼ਾਮਲ ਨਹੀਂ ਹੋ ਰਿਹਾ, ਜਿਵੇਂ ਕਿ ਪਿਛਲੇ ਕੁਝ ਦਿਨ ਅਫਵਾਹਾਂ ਚੱਲ ਰਹੀਆਂ ਹਨ। ਕਾਂਗਰਸ ਦੇ ਸਭ ਮੰਤਰੀਆਂ ਅਤੇ ਵਿਧਾਇਕਾਂ ਨਾਲ ਪਾਰਟੀ ਦਾ ਸੰਪਰਕ ਬਣਿਆ ਹੋਇਆ ਹੈ।
ਜਦੋਂ ਉਨ੍ਹਾਂ ਕੋਲੋਂ ਪੁੱਛਿਆ ਗਿਆ ਕਿ ਅਕਾਲੀ ਦਲ ਨੇ ਦੋਸ਼ ਲਾਇਆ ਹੈ ਕਿ ਉਸਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਬਦਲੇ ਦੀ ਭਾਵਨਾ ਨਾਲ ਕੇਸ ਦਰਜ ਕੀਤਾ ਗਿਆ ਹੈ ਤਾਂ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੋਈ ਸੱਚਾਈ ਨਹੀਂ। ਮਜੀਠੀਆ ਵਿਰੁੱਧ ਮੈਰਿਟ ਦੇ ਆਧਾਰ ’ਤੇ ਕੇਸ ਦਰਜ ਹੋਇਆ ਹੈ। ਪੰਜਾਬ ਸਰਕਾਰ ਦਾ ਨਸ਼ਿਆਂ ਦੇ ਮਾਮਲੇ ਵਿਚ ਹੁਣ ਸਟੈਂਡ ਬਿਲਕੁਲ ਸਪੱਸ਼ਟ ਹੈ। ਮਜੀਠੀਆ ਦੇ ਮਾਮਲੇ ’ਚ ਕਾਨੂੰਨ ਆਪਣਾ ਕੰਮ ਕਰੇਗਾ।