ਪਟਿਆਲਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਟਿਆਲਾ ਵਿਖੇ ਸ਼ਾਂਤੀ ਮਾਰਚ ‘ਚ ਹਿੱਸਾ ਲਿਆ। ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਆਉਣ ਵਾਲੀਆਂ ਹਨ ਅਤੇ ਇਸ ਦੌਰਾਨ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੇ ਮਾਸਟਰ ਮਾਈਂਡ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਪਰ ਇੰਨੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਇਸ ਘਟਨਾ ਦਾ ਮਾਸਟਰ ਮਾਈਂਡ ਅਜੇ ਤੱਕ ਫੜ੍ਹਿਆ ਨਹੀਂ ਗਿਆ।
ਕੇਜਰੀਵਾਲ ਨੇ ਕਿਹਾ ਕਿ ਜੇਕਰ ਇਨ੍ਹਾਂ ਸਿਆਸੀ ਪਾਰਟੀਆਂ ਅਤੇ ਆਗੂਆਂ ਦੇ ਭਰੋਸੇ ਪੰਜਾਬ ਛੱਡ ਦਿੱਤਾ ਗਿਆ ਤਾਂ ਇਹ ਪੰਜਾਬ ਨੂੰ ਬਰਬਾਦ ਕਰ ਦੇਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਇਕੱਠਾ ਹੋਣਾ ਪਵੇਗਾ। ਕੇਜਰੀਵਾਲ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਬੜੀ ਖ਼ੁਸ਼ੀ ਹੈ ਕਿ ਅੱਜ ਇੱਥੇ ਹਜ਼ਾਰਾਂ ਲੋਕ ਤਿਰੰਗਾ ਲੈ ਕੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬ ਦੇ ਦੁਸ਼ਮਣਾਂ ਨੂੰ ਸੁਨੇਹਾ ਦੇਣਾ ਚਾਹੁੰਦੇ ਹਨ ਕਿ ਉਹ ਪੰਜਾਬ ਦਾ ਭਾਈਚਾਰਾ, ਸ਼ਾਂਤੀ ਅਤੇ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਅਸੀਂ ਹੁਣ ਪੰਜਾਬ ਦੀ ਸੱਤਾ ਪੰਜਾਬ ਦੇ ਲੋਕਾਂ ਨੂੰ ਦੇਣੀ ਹੈ।
ਉਨ੍ਹਾਂ ਕਿਹਾ ਕਿ ਜੋ ਜਨਤਾ ਫ਼ੈਸਲਾ ਲਵੇਗੀ, ਪੰਜਾਬ ਸਰਕਾਰ ਉਸ ਦੇ ਹਿਸਾਬ ਨਾਲ ਹੀ ਚੱਲਿਆ ਕਰੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ ਦੁੱਖ ਹੈ ਕਿ ਇਸ ਤੋਂ ਜ਼ਿਆਦਾ ਕਮਜ਼ੋਰ ਸਰਕਾਰ ਪੰਜਾਬ ‘ਚ ਕਦੇ ਨਹੀਂ ਆਈ। ਉਨ੍ਹਾਂ ਕਿਹਾ ਕਿ ਇਹ ਲੋਕ ਆਪਸ ‘ਚ ਲੜ ਰਹੇ ਹਨ ਅਤੇ ਕਿਸੇ ਨੂੰ ਪੰਜਾਬ ਦੀ ਪਰਵਾਹ ਨਹੀਂ ਹੈ, ਸਭ ਕੁਰਸੀ ਲਈ ਲੜ ਰਹੇ ਹਨ ਅਤੇ ਸੀ. ਐੱਮ. ਦੀ ਲੜਾਈ ਚੱਲ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸ਼ਾਂਤੀ ਬਹਾਲ ਕਰਨ ਲਈ ਨਾਕਾਮ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਲੋਕਾਂ ਵੱਲੋਂ ਈਮਾਨਦਾਰ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਕੋਈ ਵੀ ਤਾਕਤ ਖ਼ਤਮ ਨਹੀਂ ਕਰ ਸਕਦੀ।