ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਇੱਥੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਭਾਜਪਾ ਦੇ ਚੋਣ ਪ੍ਰਚਾਰ ਪ੍ਰਭਾਰੀ ਗਜੇਂਦਰ ਸ਼ੇਖਾਵਤ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਮੌਜੂਦ ਹਨ। ਇਸ ਮੌਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿਹੜੇ ਲੋਕ ਭਾਜਪਾ ਨਾਲ ਜੁੜਨਾ ਚਾਹੁੰਦੇ ਹਨ, ਉਹ ਇਸ ਮੁਹਿੰਮ ਰਾਹੀਂ ਪਾਰਟੀ ਨਾਲ ਜੁੜ ਸਕਣਗੇ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰ ਪੰਜਾਬੀ ਚਾਹੁੰਦਾ ਹੈ ਕਿ ਨਵਾਂ ਪੰਜਾਬ ਬਣਾਉਣ ‘ਚ ਉਨ੍ਹਾਂ ਦਾ ਵੀ ਯੋਗਦਾਨ ਹੋਵੇ, ਜਿਸ ਕਾਰਨ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰਾਂ ਬਦਲਦੀਆਂ ਗਈਆਂ ਪਰ ਅਜੇ ਵੀ 20 ਸਾਲ ਪੁਰਾਣੇ ਮੁੱਦੇ ਉੱਥੇ ਹੀ ਖੜ੍ਹੇ ਹਨ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਯਕੀਨ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਖ਼ੁਸ਼ਹਾਲ ਹੋ ਸਕਦਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਭ ਨੇ ਮਿਲ ਕੇ ਇਕ ਮਜ਼ਬੂਤ ਪੰਜਾਬ ਸਿਰਜਣਾ ਹੈ।