ਅੰਮ੍ਰਿਤਸਰ – ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ, ਉਵੇਂ ਸਿਆਸੀ ਪਾਰਟੀਆਂ ‘ਚ ਹਲਚਲ ਜ਼ਿਆਦਾ ਹੋ ਰਹੀ ਹੈ। ਰਾਜਨੀਤੀ ‘ਚ ਆਪਣਾ ਭਵਿੱਖ ਬਣਾਉਣ ਲਈ ਹਰ ਕੋਈ ਪੁਰਾਣੀਆਂ ਪਾਰਟੀਆਂ ਨੂੰ ਛੱਡ ਨਵੀਆਂ ਸਿਆਸੀ ਪਾਰਟੀਆਂ ‘ਚ ਸ਼ਾਮਲ ਹੋ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੂੰ ਅੱਜ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਸੁਖਜਿੰਦਰ ਸਿੰਘ ਲਾਲੀ ਮਜੀਠੀਆ ਨੂੰ ਮਜੀਠਾ ਹਲਕੇ ’ਚ ਕਾਂਗਰਸ ਪਾਰਟੀ ਦਾ ਸਭ ਤੋਂ ਵੱਡਾ ਚਿਹਰਾ ਮੰਨਿਆ ਜਾਂਦਾ ਸੀ। ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਰਹੇ ਦੂਜੇ ਆਗੂ ਅਵਿਨਾਸ਼ ਜੋਲੀ ਹਨ, ਜੋ ਪਹਿਲਾਂ ਅਕਾਲੀ ਦਲ ਦੇ ਮੈਂਬਰ ਸਨ। ਉਹ ਸਾਬਕਾ ਡਿਪਟੀ ਮੇਅਰ ਵੀ ਰਹਿ ਚੁੱਕੇ ਹਨ। ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚ ਆਮ ਆਦਮੀ ਪਾਰਟੀ ਵਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ’ਚ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਅਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਇਨ੍ਹਾਂ ਨੂੰ ਪਾਰਟੀ ’ਚ ਸ਼ਾਮਲ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਅਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਬੀਤੇ ਦਿਨੀਂ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਵਿਧਾਨ ਸਭਾ ਚੋਣ ਲੜੀ ਸੀ।