ਫਿਰੋਜ਼ਪੁਰ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੀ.ਜੀ.ਆਈ. ਸੈਟੇਲਾਈਟ ਸੈਂਟਰ ਦਾ ਨੀਂਹ ਪੱਥਰ ਰੱਖਣ ਅਤੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਚ ਆ ਰਹੇ ਹਨ। ਇਸ ਸਬੰਧੀ ਕੇਂਦਰੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਬੀਤੇ ਦਿਨ ਫਿਰੋਜ਼ਪੁਰ ਪਹੁੰਚ ਕੇ ਪ੍ਰਧਾਨ ਮੰਤਰੀ ਦੀ ਰੈਲੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਇਲਾਵਾ ਪੰਜਾਬ ਭਾਜਪਾ ਅਤੇ ਜ਼ਿਲ੍ਹਾ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ। ਇਸ ਮੌਕੇ ਕੇਂਦਰੀ ਮੰਤਰੀ ਸ਼ੇਖਾਵਤ ਨੇ ਦਾਅਵਾ ਕੀਤਾ ਕਿ ਭਾਜਪਾ ਵੱਲੋਂ ਪੰਜਾਬ ਵਿਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਅਗਵਾਈ ਵਿਚ ਕੀਤੀ ਜਾ ਰਹੀ ਫਿਰੋਜ਼ਪੁਰ ਰੈਲੀ ਇਤਿਹਾਸ ਵਿਚ ਇਕ ਮਿਸਾਲ ਕਾਇਮ ਕਰੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 3200 ਤੋਂ ਵੱਧ ਬੱਸਾਂ ਫਿਰੋਜ਼ਪੁਰ ਆਉਣ ਲਈ ਰਜਿਸਟਰਡ ਹੋ ਚੁੱਕੀਆਂ ਹਨ, ਜਦਕਿ ਹੋਰ ਵੀ ਕਈ ਵਾਹਨ ਆਉਣਗੇ।
ਸਤਲੁਜ ਦਰਿਆ ’ਚ ਪਾਕਿਸਤਾਨ ਵੱਲੋਂ ਚਮੜੇ ਦੀਆਂ ਫੈਕਟਰੀਆਂ ਵਿੱਚੋਂ ਛੱਡੇ ਜਾ ਰਹੇ ਗੰਦੇ ਪਾਣੀ ਅਤੇ ਸਤਲੁਜ ਦਰਿਆ ਦੇ ਨੇੜੇ-ਤੇੜੇ ਪੈਂਦੇ ਪਿੰਡਾਂ ’ਚ ਵਸਦੇ ਲੋਕਾਂ ਵੱਲੋਂ ਮਜ਼ਬੂਰ ਹੋ ਕੇ ਪੀਤੇ ਜਾ ਰਹੇ ਗੰਦੇ ਪਾਣੀ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਅੱਜ ਤੱਕ ਪੰਜਾਬ ਸਰਕਾਰ ਨੇ ਕਦੇ ਵੀ ਕੇਂਦਰ ਸਰਕਾਰ ਦੇ ਸਾਹਮਣੇ ਇਹ ਸਮੱਸਿਆ ਨਹੀਂ ਰੱਖੀ, ਜਿਸ ਕਰ ਕੇ ਅੱਜ ਤੱਕ ਇਸ ਸਮੱਸਿਆ ਦਾ ਹੱਲ ਨਹੀਂ ਹੋਇਆ। ਪੰਜਾਬ ਭਾਜਪਾ ਦੇ ਸਾਬਕਾ ਸੰਸਦੀ ਸਕੱਤਰ ਸੁਖਪਾਲ ਸਿੰਘ ਨੰਨੂ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਹਮਾਇਤ ਵਿਚ ਭਾਜਪਾ ਤੋਂ ਅਸਤੀਫ਼ਾ ਦੇਣ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਉਹ ਸੁਖਪਾਲ ਸਿੰਘ ਨੰਨੂ ਨੂੰ ਆਪਣੇ ਨਾਲ ਭਾਜਪਾ ’ਚ ਲੈ ਕੇ ਆਉਣਗੇ।