ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ਰੈਲੀ ਰੱਦ ਹੋ ਗਈ ਹੈ। ਉੱਥੇ ਹੀ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕਾਫ਼ੀ ਵੱਡੀ ਕਮੀ ਸਾਹਮਣੇ ਆਈ ਹੈ। ਜਿਸ ਨੂੰ ਲੈ ਕੇ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਲੜੀਵਾਰ ਟਵੀਟ ਕਰਦੇ ਹੋਏ ਕਿਹਾ,‘‘ਪੰਜਾਬ ’ਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ’ਤੇ ਚੋਣਾਂ ’ਚ ਹਾਰ ਦੇ ਡਰ ਕਾਰਨ ਸੂਬੇ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮਾਂ ਨੂੰ ਅਸਫ਼ਲ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਵੱਡੀ ਸੁਰੱਖਿਆ ਕਮੀ ਹੋਈ, ਕਿਉਂਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਧਾਨ ਮੰਤਰੀ ਦੇ ਰਸਤੇ ’ਚ ਜਾਣ ਦਿੱਤਾ ਗਿਆ, ਜਦੋਂ ਕਿ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ. ਨੇ ਐੱਸ.ਪੀ.ਜੀ. ਨੂੰ ਭਰੋਸਾ ਦਿੱਤਾ ਕਿ ਰਸਤੇ ’ਚ ਕੋਈ ਰੁਕਾਵਟ ਨਹੀਂ ਹੈ।’’
ਇਕ ਹੋਰ ਟਵੀਟ ’ਚ ਨੱਢਾ ਨੇ ਕਿਹਾ,‘‘ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਮਾਮਲੇ ਦਾ ਨਿਪਟਾਰਾ ਕਰਨ ਲਈ ਫ਼ੋਨ ’ਤੇ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਸੂਬਾ ਪੁਲਸ ਨੂੰ ਲੋਕਾਂ ਨੂੰ ਪ੍ਰਧਾਨ ਮੰਤਰੀ ਦੀ ਰੈਲੀ ’ਚ ਸ਼ਾਮਲ ਹੋਣ ਤੋਂ ਰੋਕਣ ਦਾ ਨਿਰਦੇਸ਼ ਦਿੱਤਾ ਗਿਆ।’’ ਇਹ ਦੁਖ਼ਦ ਹੈ ਕਿ ਪੰਜਾਬ ਲਈ ਹਜ਼ਾਰਾਂ ਕਰੋੜ ਦੇ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਪੀ.ਐੱਮ. ਦਾ ਦੌਰਾ ਰੋਕਿਆ ਗਿਆ ਪਰ ਅਜਿਹੀ ਘਟੀਆ ਮਾਨਸਿਕਤਾ ਨੂੰ ਪੰਜਾਬ ਦੀ ਤਰੱਕੀ ’ਚ ਰੁਕਾਵਟ ਨਹੀਂ ਬਣਨ ਦੇਵਾਂਗੇ ਅਤੇ ਪੰਜਾਬ ਦੇ ਵਿਕਾਸ ਲਈ ਕੋਸ਼ਿਸ਼ ਜਾਰੀ ਰੱਖਾਂਗੇ।’’