ਜਲੰਧਰ: ਕੋਵਿਡ ਪਾਬੰਦੀਆਂ ਸਬੰਧੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇਹ ਝੂਠੀ ਜਾਣਕਾਰੀ, ਐਕਸ਼ਨ ‘ਚ ਡੀ. ਸੀ.

ਜਲੰਧਰ – ਕੋਵਿਡ-19 ਦੀ ਤੀਜੀ ਲਹਿਰ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਲਾਗੂ ਪਾਬੰਦੀਆਂ ਤੋਂ ਬਾਅਦ ਹੁਣ ਸੋਸ਼ਲ ਮੀਡੀਆ ’ਤੇ ਗੁੰਮਰਾਹਕੁੰਨ ਪਾਬੰਦੀਆਂ ਦਾ ਪ੍ਰਚਾਰ ਹੋ ਰਿਹਾ ਹੈ, ਜਿਸ ਨਾਲ ਆਮ ਲੋਕਾਂ ਅਤੇ ਵਪਾਰ ਜਗਤ ਵਿਚ ਭੰਬਲਭੂਸੇ ਵਾਲੀ ਸਥਿਤੀ ਪੈਦਾ ਹੋ ਰਹੀ ਹੈ। ਅਜਿਹੇ ਹੀ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸੋਸ਼ਲ ਮੀਡੀਆ ਦੇ ਇਕ ਪਲੇਟਫਾਰਮ ’ਤੇ ਦੇਰ ਸ਼ਾਮ ਕੋਵਿਡ ਪਾਬੰਦੀਆਂ ਨੂੰ ਲੈ ਕੇ ਜਲੰਧਰ ਵਿਚ ਸੋਮਵਾਰ ਤੋਂ ਵੱਖ-ਵੱਖ ਹੁਕਮਾਂ ਸਬੰਧੀ ਝੂਠੀਆਂ ਅਤੇ ਗੁੰਮਰਾਹਕੁੰਨ ਬ੍ਰੇਕਿੰਗ ਨੂੰ ਵਾਇਰਲ ਕਰਨ ਦਾ ਸਖ਼ਤ ਨੋਟਿਸ ਲਿਆ।
ਉਨ੍ਹਾਂ ਦੇਰ ਸ਼ਾਮ ਇਕ ਪ੍ਰੈੱਸ ਬਿਆਨ ਜਾਰੀ ਕਰਕੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜਿਹਾ ਕੋਈ ਹੁਕਮ ਜਾਰੀ ਨਹੀਂ ਕੀਤਾ ਗਿਆ ਅਤੇ ਅਫ਼ਾਵਾਹਾਂ ਫੈਲਾਉਣ ਵਾਲਿਆਂ ਤੋਂ ਜਨਤਾ ਪੂਰੀ ਤਰ੍ਹਾਂ ਸੁਚੇਤ ਰਹੇ। ਘਨਸ਼ਾਮ ਥੋਰੀ ਨੇ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫ਼ੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਹੜੇ ਲੋਕ ਇਸ ਕਾਰਵਾਈ ਵਿਚ ਸ਼ਾਮਲ ਪਾਏ ਗਏ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਦੇ ਇਕ ਪਲੇਟਫਾਰਮ ’ਤੇ ਡੀ. ਸੀ. ਦੇ ਨਾਂ ’ਤੇ ਵਾਇਰਲ ਹੋਏ ਮੈਸੇਜ ਅਨੁਸਾਰ ਜਲੰਧਰ ਵਿਚ ਸੋਮਵਾਰ ਤੋਂ ਗੈਰ-ਜ਼ਰੂਰੀ ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ ਨੂੰ ਲੈ ਕੇ ਲੱਗੀ ਪਾਬੰਦੀ ਦੇ ਵਾਇਰਲ ਸੰਦੇਸ਼ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਬੇਬੁਨਿਆਦ ਮੈਸੇਜ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ ਹੁਕਮਾਂ ਬਾਰੇ ਪਿਛਲੇ ਦਿਨੀਂ ਲੋਕਾਂ ਨੂੰ ਹਰ ਪੱਧਰ ’ਤੇ ਸੂਚਿਤ ਕਰ ਦਿੱਤਾ ਹੈ।