ਗਵਾਲੀਅਰ – ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਕੋਤਾਹੀ ਦੇ ਮਾਮਲੇ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਹੋਰ ਨੇਤਾਵਾਂ ਵੱਲੋਂ ਕੀਤੀ ਗਈ ਟਿੱਪਣੀ ’ਤੇ ਦੁੱਖ ਪ੍ਰਗਟ ਕਰਦੇ ਹੋਏ ਇਸ ਮੁੱਦੇ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਚੁੱਪੀ ’ਤੇ ਸਵਾਲ ਚੁੱਕਿਆ ਹੈ।
ਠਾਕੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਜਿੱਥੇ ਵੀ ਜਾਂਦੇ ਹਨ, ਉਨ੍ਹਾਂ ਦੀ ਸੁਰੱਖਿਆ ਲਈ ਉਹ ਸੂਬਾ ਜ਼ਿੰਮੇਵਾਰ ਹੁੰਦਾ ਹੈ। ਪੰਜਾਬ ਵਿਚ ਜੋ ਕੁਝ ਹੋਇਆ, ਉਸ ’ਤੇ ਪੂਰੇ ਦੇਸ਼ ਨੇ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਇਸ ਘਟਨਾ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਕਿਹਾ ਕਿ ਮਾਮਲਾ ਸੁਪਰੀਮ ਕੋਰਟ ’ਚ ਹੈ ਅਤੇ ਹੁਣ ਕਾਨੂੰਨ ਆਪਣਾ ਕੰਮ ਕਰੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਮੁੱਖ ਮੰਤਰੀ, ਉੱਥੋਂ ਦੇ ਕਾਂਗਰਸ ਪ੍ਰਧਾਨ ਅਤੇ ਹੋਰ ਨੇਤਾਵਾਂ ਨੇ ਇਸ ਮੁੱਦੇ ’ਤੇ ਟਿੱਪਣੀ ਕੀਤੀ, ਉਹ ਦੁਖਦਾਇਕ ਹੈ। ਇਹ ਦਿਖਾਉਂਦਾ ਹੈ ਕਿ ਉਹ ਕੀ ਸੋਚਦੇ ਹਨ ਅਤੇ ਪ੍ਰਧਾਨ ਮੰਤਰੀ ਬਾਰੇ ਕਿਵੇਂ ਬੋਲਦੇ ਹਨ। ਇਸ ਤੋਂ ਇਲਾਵਾ ਇਸ ਨਾਲ ਕਈ ਸਵਾਲ ਉੱਠਦੇ ਹਨ ਅਤੇ ਇਹ ਬਹੁਤ ਕੁਝ ਕਹਿੰਦਾ ਹੈ ਕਿਉਂਕਿ ਕਾਂਗਰਸ ਪ੍ਰਧਾਨ (ਸੋਨਿਆ ਗਾਂਧੀ) ਅਤੇ ਪਾਰਟੀ ਦੇ ਸੀਨੀਅਰ ਨੇਤਾ ਇਸ ’ਤੇ ਚੁੱਪ ਹਨ।