ਨਸਾ : ਸੰਯੁਕਤ ਸਮਾਜ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਹਲਕੇ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਹੋਣਗੇ। ਉਹ ਦਿੱਲੀ ਕਿਸਾਨ ਮੋਰਚੇ ’ਚ ਵੀ ਡਟੇ ਰਹੇ ਸਨ। ਮਾਨਸਾ ਦੇ ਪੇਂਡੂ ਖੇਤਰਾਂ ਤੇ ਕਿਸਾਨੀ ਸਫਾਂ ’ਚ ਉਨ੍ਹਾਂ ਦਾ ਚੰਗਾ ਖਾਸਾ ਜਨ-ਆਧਾਰ ਹੈ ਅਤੇ ਉਨ੍ਹਾਂ ਦੀ ਸ਼ਹਿਰ ’ਚ ਵੀ ਚੰਗੀ ਪਕੜ ਹੈ। ਉਨ੍ਹਾਂ ਨੂੰ ਦਿੱਲੀ ਕਿਸਾਨ ਸੰਘਰਸ਼ ਕਮੇਟੀ ਦਾ ਆਗੂ ਵੀ ਹੋਣ ਕਾਰਨ ਵੀ ਫਾਇਦਾ ਮਿਲ ਸਕਦਾ ਹੈ।
ਭਾਵੇਂ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚੇ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਵਾਲੀ ਸੰਯੁਕਤ ਸੰਘਰਸ਼ ਪਾਰਟੀ ਨੇ ਆਪਸ ਵਿੱਚ ਚੋਣ ਗੱਠਜੋੜ ਕਰਨ ਦਾ ਫ਼ੈਸਲਾ ਕਰ ਕੇ ਅਗਲੇ ਦਿਨਾਂ ਵਿਚ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਦਾ ਐਲਾਨ ਕੀਤਾ ਹੈ ਪਰ ਰੁਲਦੂ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਇਸ ਹਲਕੇ ਤੋਂ ਆਪਣੀ ਚੋਣ ਮੁਹਿੰਮ ਭਲਕੇ ਆਰੰਭ ਕਰ ਦਿੱਤੀ ਜਾਵੇਗੀ। ਉਹ ਇੱਥੇ ਬਾਬਾ ਬੂਝਾ ਸਿੰਘ ਭਵਨ ਵਿਚ ਗੱਲ ਕਰ ਰਹੇ ਸਨ। ਉਨ੍ਹਾਂ ਸੰਯੁਕਤ ਸਮਾਜ ਮੋਰਚੇ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਜਾਣ ਵਾਲੇ ਮੁੱਖ ਐਲਾਨਾਂ ਸਬੰਧੀ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੱਜਰੀ-ਰੇਤਾ, ਟਰਾਂਸਪੋਰਟ, ਕੇਬਲ ਅਤੇ ਸ਼ਰਾਬ ਦਾ ਕੌਮੀਕਰਨ ਕੀਤਾ ਜਾਵੇਗਾ।