ਅਕਾਲੀ ਆਗੂ ਬਿਕਰਮ ਮਜੀਠੀਆ ਖ਼ਿਲਾਫ਼ ਇਕ ਹੋਰ ਮਾਮਲਾ ਦਰਜ

ਅੰਮ੍ਰਿਤਸਰ : ਡਰੱਗ ਮਾਮਲੇ ਵਿਚ ਜ਼ਮਾਨਤ ’ਤੇ ਚੱਲ ਰਹੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ’ਤੇ ਪੰਜਾਬ ਪੁਲਸ ਨੇ ਇਕ ਹੋਰ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਤਹਿਤ ਮਜੀਠੀਆ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਧਾਰਾ 188 ਆਈ. ਪੀ. ਸੀ. ਤੇ ਆਫ਼ਤ ਪ੍ਰਬੰਧਨ ਐਕਟ 2005 ਦੀ ਧਾਰਾ 51 ਤੇ ਮਹਾਮਾਰੀ ਰੋਗ ਐਕਟ 1897 ਤਹਿਤ ਕੇਸ ਦਰਜ ਕੀਤਾ ਹੈ। ਮਜੀਠੀਆ ਖ਼ਿਲਾਫ਼ ਇਹ ਕੇਸ ਥਾਣਾ ਸੁਲਤਾਨਵਿੰਡ ਵਿਖੇ ਦਰਜ ਕੀਤਾ ਗਿਆ ਹੈ।
ਦਰਅਸਲ ਹਾਈਕੋਰਟ ਵਲੋਂ ਜ਼ਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਸ਼ਨੀਵਾਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਅਕਾਲੀ ਦਲ ਦੇ ਸਮਰਥਕਾਂ ਵਲੋਂ ਅੰਮ੍ਰਿਤਸਰ ਦੇ ਸਵਾਗਤੀ ਗੋਲਡਨ ਗੇਟ ’ਤੇ ਭਾਰੀ ਇਕੱਠ ਕਰਦਿਆਂ ਮਜੀਠੀਆ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਕੌਰਾਨਾ ਨਿਯਮਾਂ ਦੀਆਂ ਵੀ ਧੱਜੀਆਂ ਉੱਡਦੀਆਂ ਨਜ਼ਰ ਆਈਆਂ। ਇਸ ਦੇ ਤਹਿਤ ਪੁਲਸ ਨੇ ਕਾਰਵਾਈ ਕੀਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਮਜੀਠੀਆ ਦੇ ਸਵਾਗਤ ਲਈ ਵੱਡੀ ਗਿਣਤੀ ਵਿਚ ਲੋਕ ਗੋਲਡਨ ਗੇਟ ਪਹੁੰਚੇ ਹੋਏ ਸਨ। ਇਸ ਦੌਰਾਨ ਜਦੋਂ ਚੋਣ ਕਮਿਸ਼ਨ ਦੀ ਟੀਮ ਨੇ ਮੌਕੇ ’ਤੇ ਜਾ ਕੇ ਵੇਖਿਆ ਅਤੇ ਇਸ ਦੀ ਵੀਡੀਓ ਰਿਕਾਰਡਿੰਗ ਕੀਤੀ, ਜਿਸ ਵਿਚ ਇਹ ਲੋਕ ਮਜੀਠੀਆ ਨੂੰ ਸਿਰੋਪੇ ਅਤੇ ਹਾਰ ਪਾਉਂਦੇ ਨਜ਼ਰ ਆ ਰਹੇ ਹਨ। ਸੈਂਕੜੇ ਲੋਕਾਂ ਦਾ ਇਹ ਇਕੱਠ ਕਰੋਨਾ ਕਾਰਨ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਦੇ ਨਾਲ-ਨਾਲ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਚੋਣਾਂ ਕਾਰਨ ਲਗਾਈਆਂ ਪਾਬੰਦੀਆਂ ਦੀ ਵੀ ਉਲੰਘਣਾ ਹੈ। ਉਕਤ ਹਵਾਲੇ ਤਹਿਤ ਸੁਲਤਾਨਵਿੰਡ ਪੁਲਸ ਥਾਣੇ ਵਿਚ ਐੱਫ. ਆਈ. ਆਰ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।