ਜਲੰਧਰ – ਅੱਜ ਪੂਰੇ ਦੇਸ਼ ਭਰ ’ਚ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਵਿਚ ਵੱਖ-ਵੱਖ ਮੰਤਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਹਨ। ਜਲੰਧਰ ’ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਚਰਨਜੀਤ ਸਿੰਘ ਚੰਨੀ ਵੱਲੋਂ ਕੋਰੋਨਾ ਕਾਲ ’ਚ ਅਹਿਮ ਭੂਮਿਕਾ ਨਿਭਾਉਣ ਵਾਲਿਆਂ ਨੂੰ ਸਨਮਾਨਤ ਵੀ ਕੀਤਾ ਗਿਆ।
ਸੂਬਾ ਪੱਧਰੀ ਸਮਾਗਮ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਕੋਰੋਨਾ ਅਤੇ ਚੋਣ ਜ਼ਾਬਤਾ ਲੱਗਾ ਹੋਣ ਕਰਕੇ ਇਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ ਹੈ। ਕੜਾਕੇ ਦੀ ਠੰਡ ਤੇ ਧੁੰਦ ਦਰਮਿਆਨ ਪੁਲਿਸ ਦੇ ਜਵਾਨ ਪੂਰੇ ਜੋਸ਼ ਨਾਲ ਭਰੇ ਪਰੇਡ ਕਰਦੇ ਹੋਏ ਨਜ਼ਰ ਆਏ।
ਗਣਤੰਤਰ ਦਿਵਸ ਦੀਆਂ ਦੇਸ਼ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਆਪਣੇ ਭਾਸ਼ਣ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿਚ ਪੰਜਾਬੀ ਯੋਧਿਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਆਜ਼ਾਦੀ ਹਾਸਲ ਕਰਨ ਲਈ ਜਦੋਂ ਮੁਲਖ਼ ਦਾ ਬਟਵਾਰਾ ਹੋਇਆ ਤਾਂ ਉਸ ’ਚ ਸਭ ਤੋਂ ਵੱਧ ਮਾਰ ਪੰਜਾਬ ਉਤੇ ਪਈ ਹੈ ਪਰ ਇਸ ਦੇ ਬਾਵਜੂਦ ਪੰਜਾਬ ਦੇ ਦੇਸ਼ ਦੀ ਤਰੱਕੀ ’ਚ ਵੱਡਮੁੱਲਾ ਯੋਗਦਾਨ ਪਾਇਆ ਹੈ। ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਲਈ ਪੰਜਾਬੀ ਹੀ ਸਭ ਤੋਂ ਮੋਹਰੀ ਰਹੇ ਹਨ। ਦੋਆਬੇ ਦੀ ਧਰਤੀ ’ਤੇ ਪੈਦਾ ਹੋਏ ਮਹਾਨ ਸ਼ਹੀਦਾਂ, ਆਜ਼ਾਦੀ ਘੁਲਾਟੀਆ ਅਤੇ ਗਦਰ ਲਹਿਰ ਦੇ ਯੋਧਿਆਂ ਨੇ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ’ਤੇ ਕਾਇਮ ਰੱਖਿਆ ਜਾਵੇਗਾ। ਪੰਜਾਬ ਅਤੇ ਦੇਸ਼ ਨੂੰ ਉੱਚਾ ਚੁੱਕਣ ਲਈ ਸਾਰਿਆਂ ਨੂੰ ਆਪੋ-ਆਪਾਣਾ ਯੋਗਦਾਨ ਪਾਉਣਾ ਚਾਹੀਦਾ ਹੈ, ਇਹੀ ਸ਼ਹੀਦਾਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਵਾਲੇ ਪੁਲਸ ਅਤੇ ਸਿਵਲ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮਾਜ ਸੇਵਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ 124 ਲੋਕਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਥੇ ਇਹ ਵੀ ਦੱਸਣਯੋਗ ਹੈ ਕਿ ਪੂਰੇ ਸਮਾਗਮ ਉਤੇ ਡਰੋਨ ਦੀ ਮਦਦ ਨਾਲ ਪੈਨੀ ਨਜ਼ਰ ਰੱਖੀ ਜਾ ਰਹੀ ਸੀ। ਕੋਰੋਨਾ ਕਾਰਨ ਸਾਦਗੀ ਦੇ ਨਾਲ ਸੀਮਤ ਘੇਰੇ ਅੰਦਰ ਹੀ ਸਮਾਗਮ ਮਨਾਇਆ ਗਿਆ। ਇਸ ਵਾਰ ਨਾ ਤਾਂ ਰੰਗਾਰੰਗ ਪ੍ਰੋਗਰਾਮ ਹੋਇਆ ਅਤੇ ਨਾ ਹੀ ਵਿਦਿਆਰਥੀਆਂ ਦੀ ਪੇਸ਼ਕਾਰੀ ਹੋਈ।
ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਪੁਲਸ ਕਮਿਸ਼ਨਰ ਨੌਨਿਹਾਲ ਸਿੰਘ, ਏ. ਡੀ. ਸੀ. ਜਨਰਲ ਅਮਰਜੀਤ ਬੈਂਸ, ਡਿਪਟੀ ਡਾਇਰੈਕਟਰ ਲੋਕ ਸੰਪਰਕ ਮਹਿਕਮਾ ਮਨਵਿੰਦਰ ਸਿੰਘ, ਏ. ਡੀ. ਸੀ. ਵਿਕਾਸ ਜਸਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।