ਸ਼ਾਹਕੋਟ ਤੋਂ ਕਾਂਗਰਸ ਵਿਧਾਇਕ ਹਰਦੇਵ ਸਿੰਘ ਲਾਡੀ ਖ਼ਿਲਾਫ਼ ਹਾਈਕੋਰਟ ’ਚ ਪਟੀਸ਼ਨ ਦਾਖ਼ਲ

ਚੰਡੀਗੜ੍ਹ : ਪੰਜਾਬ ਦੇ ਜਲੰਧਰ ਦੀ ਸ਼ਾਹਕੋਟ ਸੀਟ ਤੋਂ ਸਾਲ 2017 ’ਚ ਉਪ ਚੋਣ ਜਿੱਤੇ ਕਾਂਗਰਸ ਦੇ ਹਰਦੇਵ ਸਿੰਘ ਲਾਡੀ ਖ਼ਿਲਾਫ਼ ਪਰਮਜੋਤ ਕੌਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਈ ਹੈ। ਪਟੀਸ਼ਨ ਦਾਖ਼ਲ ਕਰ ਕੇ ਪਟੀਸ਼ਨਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਸਾਲ 2017 ’ਚ ਹੋਈ ਉਪ ਚੋਣ ’ਚ ਹਰਦੇਵ ਸਿੰਘ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਦਿਆਂ ਚੱਲ ਅਤੇ ਅਚੱਲ ਜਾਇਦਾਦ ਦਾ ਜੋ ਬਿਓਰਾ ਦਿੱਤਾ ਸੀ, ਉਹ ਸਾਲ 2018 ’ਚ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਮੌਤ ਤੋਂ ਬਾਅਦ ਹੋਈ ਉਪ ਚੋਣ ’ਚ ਬਦਲ ਗਿਆ, ਜਿਸ ’ਚ ਕਰੋੜਾਂ ਦੀ ਜਾਇਦਾਦ ਨੂੰ ਲੱਖਾਂ ’ਚ ਦੱਸਿਆ ਗਿਆ ਸੀ।
ਇਸ ਸਬੰਧੀ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਧਿਕਾਰੀ ਨੂੰ ਇਸ ਸਬੰਧੀ ਸ਼ਿਕਾਇਤਾਂ ਕੀਤੀਆਂ ਸਨ ਪਰ ਉਨ੍ਹਾਂ ਵੱਲੋਂ ਜਵਾਬ ਦਿੱਤਾ ਗਿਆ ਕਿ ਜਾਇਦਾਦ ਦਾ ਗਲਤ ਬਿਓਰਾ ਦੇਣਾ ਨਾਮਜ਼ਦਗੀ ਰੱਦ ਕਰਨ ਦਾ ਆਧਾਰ ਨਹੀਂ ਹੈ।
ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਮਾਮਲਾ ਅਜੇ ਵਿਚਾਰ ਅਧੀਨ ਹੈ, ਇਸ ਲਈ ਪਟੀਸ਼ਨਰ ਨੇ ਮੰਗ ਕੀਤੀ ਹੈ ਕਿ ਮਾਮਲਾ ਲੰਬਿਤ ਹੋਣ ਦੇ ਚੱਲਦੇ ਫਰਵਰੀ, 2022 ’ਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਹਰਦੇਵ ਸਿੰਘ ਨੂੰ ਕਿਸੇ ਵੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਦੇ ਰੂਪ ’ਚ ਨਾਮਜ਼ਦਗੀ ਭਰਨ ਦੀ ਮਨਜ਼ੂਰੀ ਨਾ ਦਿੱਤੀ ਜਾਵੇ। ਪਟੀਸ਼ਨ ਹਾਈਕੋਰਟ ’ਚ ਦਾਖ਼ਲ ਹੋ ਗਈ ਹੈ, ਜਿਸ ’ਤੇ ਸੰਭਵ ਹੈ ਕਿ ਸੋਮਵਾਰ ਨੂੰ ਸੁਣਵਾਈ ਹੋਵੇਗੀ।