ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਏ. ਆਈ. ਸੀ. ਸੀ. ਮੀਡੀਆ ਕੋ-ਆਰਡੀਨੇਟਰ ਪਵਨ ਖੇੜਾ ਵੱਲੋਂ ਪੰਜਾਬ ਕਾਂਗਰਸ ਭਵਨ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ‘ਚ ਮਹਿੰਗਾਈ ਵਧੀ ਹੈ ਅਤੇ ਰੇਲ ਕਿਰਾਇਆ ਵੀ ਲਗਾਤਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਸਰਕਾਰ ‘ਚ ਹਰ ਚੀਜ਼ ‘ਤੇ ਜੀ. ਐੱਸ. ਟੀ. ਲਾਗੂ ਹੋਇਆ। ਉਨ੍ਹਾਂ ਕਿਹਾ ਕਿ ਨੋਟਬੰਦੀ ਅਤੇ ਕੋਰੋਨਾ ਕਾਲ ‘ਚ ਲੱਖਾਂ ਨੌਜਵਾਨਾਂ ਦੀਆਂ ਨੌਕਰੀਆਂ ਗਈਆਂ ਹਨ।
ਇਸ ਮੌਕੇ ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸ ਲੋਕਾਂ ਨੂੰ ਹਰ ਮੁਸ਼ਕਲ ਦਾ ਹੱਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਵੱਡਾ ਮੁੱਦਾ ਰੁਜ਼ਗਾਰ ਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਗਲੀ ਪੀੜ੍ਹੀ ਲਈ ਚੋਣਾਂ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਜਿਹੜਾ ਸਰਵੇ ਹੋਇਆ ਹੈ, 40 ਫ਼ੀਸਦੀ ਲੋਕ ਇਹ ਕਹਿੰਦੇ ਹਨ ਸੂਬੇ ‘ਚ ਇਸ ਸਮੇਂ ਰੁਜ਼ਗਾਰ ਸਭ ਤੋਂ ਵੱਡਾ ਮੁੱਦਾ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਹਰ ਵਾਰ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਆਗੂ ਵੱਡੇ-ਵੱਡੇ ਵਾਅਦੇ ਲੈ ਕੇ ਲੋਕਾਂ ਅੱਗੇ ਖੜ੍ਹੇ ਹੋ ਜਾਂਦੇ ਹਨ ਪਰ ਇਨ੍ਹਾਂ ‘ਚ ਕੋਈ ਸੱਚਾਈ ਨਹੀਂ ਹੁੰਦੀ।
ਨਵਜੋਤ ਸਿੱਧੂ ਨੇ ਕਿਹਾ ਕਿ ਅਗਲੇ 5 ਸਾਲਾਂ ਦੌਰਾਨ ਅਸੀਂ 5 ਲੱਖ ਨੌਕਰੀਆਂ ਨੌਜਵਾਨਾਂ ਨੂੰ ਦੇਵਾਂਗੇ। ਉਨ੍ਹਾਂ ਕਿਹਾ ਕਿ ਮਨਰੇਗਾ ਦੀ ਆਮਦਨ 260 ਤੋਂ ਵਧਾ ਕੇ 350 ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਮਜ਼ਦੂਰ ਪੰਜਾਬ ‘ਚ ਅਜਿਹਾ ਨਹੀਂ ਹੋਵੇਗਾ, ਜਿਸ ਦੀ ਲੇਬਰ ਕਮਿਸ਼ਨ ਰਜਿਸਟ੍ਰੇਸ਼ਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰਾਂ ਦੀ ਗੱਲ ਬਹੁਤ ਘੱਟ ਲੋਕਾਂ ਨੇ ਕੀਤੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਵੈੱਲਫੇਅਰ ਸਕੀਮਾਂ ਨੂੰ ਅਕਾਊਂਟਾਂ ‘ਚ ਟਰਾਂਸਫਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਮਜ਼ਦੂਰੀ ਕਰਦਾ ਹੈ, ਉਸ ਦਾ ਬੀ. ਪੀ. ਐੱਲ. ਕਾਰਡ ਬਣੇਗਾ।