ਅੰਮ੍ਰਿਤਸਰ -ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੁਝ ਹੀ ਸਮੇਂ ਬਾਅਦ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ’ਚ ਮਾਹੌਲ ਭਖਿਆ ਹੋਇਆ ਨਜ਼ਰ ਆ ਰਿਹਾ ਹੈ। ਇਸੇ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਨੇ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਐਲਾਨਣ ਨੂੰ ਲੈ ਕੇ ਤੰਜ਼ ਕੱਸਿਆ ਹੈ। ਅੱਜ ਅੰਮ੍ਰਿਤਸਰ ’ਚ ਭਾਜਪਾ ਦੇ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਇਕ ਸੁਝਾਅ ਦਿੱਤਾ ਕਿ ਉਹ ਢਾਈ-ਢਾਈ ਸਾਲ ਦੀ ਬਜਾਏ ਇਕ ਦਿਨ ਦੀ ਸਰਕਾਰ ਚਲਾ ਸਕਦੇ ਹਨ। ਜਿਸ ਤਰ੍ਹਾਂ ਕ੍ਰਿਕਟ ’ਚ ਟਾਸ ਹੁੰਦਾ ਹੈ, ਉਸੇ ਤਰ੍ਹਾਂ ਹੀ ਇਕ ਦਿਨ ਸਿੱਧੂ ਤੇ ਇਕ ਦਿਨ ਚਰਨਜੀਤ ਚੰਨੀ ਸਰਕਾਰ ਚਲਾ ਲਵੇ ਪਰ ਉਹ ਪੰਜਾਬ ਦਾ ਕੁਝ ਭਲਾ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਡਬਲ ਇੰਜਣ ਦੀ ਸਰਕਾਰ ਚਾਹੁੰਦੀ ਤੇ ਜੋ ਵਿਕਾਸ ਕਰੇ। ਇਸੇ ਦੌਰਾਨ ਉਨ੍ਹਾਂ ਭਗਵੰਤ ਮਾਨ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੋ ਵਿਅਕਤੀ ਆਪਣਾ ਆਪ ਹੀ ਨਹੀਂ ਸਾਂਭ ਸਕਦਾ, ਉਹ ਪੰਜਾਬ ਨੂੰ ਕਿਸ ਤਰ੍ਹਾਂ ਸੰਭਾਲ ਸਕਦਾ ਹੈ।
ਇਥੇ ਜ਼ਿਕਰਯੋਗ ਹੈ ਕਿ ਪੰਜਾਬ ’ਚ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਲਗਾਤਾਰ ਹੀ ਸਾਰੀਆਂ ਸਿਆਸੀ ਪਾਰਟੀਆਂ ਦੀ ਨਜ਼ਰ ਬਣੀ ਹੋਈ ਹੈ। ਇਸ ਨੂੰ ਲੈ ਕੇ ਕਾਂਗਰਸ ਦੇ ਜਨਰਲ ਸਕੱਤਰ ਲੁਧਿਆਣਾ ਵਿਖੇ ਐਲਾਨ ਕਰਨ ਵਾਲੇ ਹਨ। ਲਗਾਤਾਰ ਕਿਆਸ-ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ’ਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਵਜੋਂ ਜਨਤਕ ਤੌਰ ’ਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਪੇਸ਼ ਕੀਤਾ ਜਾ ਸਕਦਾ ਹੈ ਅਤੇ ਢਾਈ-ਢਾਈ ਸਾਲ ਲਈ ਨਵਜੋਤ ਸਿੰਘ ਸਿੱਧੂ ਤੇ ਚਰਨਜੀਤ ਸਿੰਘ ਚੰਨੀ ਨੂੰ ਵੀ ਕੰਮ ਦਿੱਤਾ ਜਾ ਸਕਦਾ ਹੈ। ਵਿਰੋਧੀਆਂ ਵੱਲੋਂ ਕਾਂਗਰਸ ਉੱਤੇ ਜੰਮ ਕੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।