ਚੰਡੀਗੜ੍ਹ- ਵਿਧਾਨ ਸਭਾ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਵਾਦਾਂ ਵਿੱਚ ਘਿਰ ਗਏ ਹਨ। ਜਾਣਕਾਰੀ ਅਨੁਸਾਰ ਉਹਨਾਂ ‘ਤੇ ਚੋਣਾਂ ਦੌਰਾਨ ਅਪਰਾਧਿਕ ਮਾਮਲੇ ਦੀ ਜਾਣਕਾਰੀ ਲੁਕਾਉਣ ਦਾ ਦੋਸ਼ ਲੱਗਾ ਹੈ। ਇਸ ਸਬੰਧੀ ਅਕਾਲੀ ਆਗੂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਹੈ।ਜਿਸ ਤੋਂ ਬਾਅਦ ਹਾਈਕੋਰਟ ਨੇ ਵਿਧਾਇਕ ਹਰਮੀਤ ਸਿੰਘ ਨੂੰ 15 ਜੁਲਾਈ ਤੱਕ ਜਵਾਬ ਦੇਣ ਲਈ ਤਲਬ ਕੀਤਾ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਹਰਮੀਤ ਸਿੰਘ ਖ਼ਿਲਾਫ਼ ਚੋਣਾਂ ਦੌਰਾਨ ਮਾਮਲੇ ਦੇ ਵੇਰਵੇ ਲੁਕਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਇਹ ਕੇਸ ਰਿਟਰਨਿੰਗ ਅਫ਼ਸਰ ਜਸਲੀਨ ਕੌਰ ਭੁੱਲਰ ਦੀ ਸ਼ਿਕਾਇਤ ’ਤੇ ਥਾਣਾ ਸਨੌਰ ਦੇ ਜੁਲਕਾ ਵਿਖੇ ਦਰਜ ਕੀਤਾ ਗਿਆ ਸੀ।
ਅਕਾਲੀ ਆਗੂ ਨੇ ਕਿਹਾ ਹੈ ਕਿ ਹਰਮੀਤ ਸਿੰਘ ਨੇ ਚੋਣ ਲੜਨ ਸਮੇਂ ਹਲਫ਼ਨਾਮੇ ਵਿੱਚ ਸਾਰੇ ਮਾਮਲਿਆਂ ਦੀ ਜਾਣਕਾਰੀ ਨਹੀਂ ਦਿੱਤੀ। ਅਜਿਹਾ ਹੀ ਇੱਕ ਮਾਮਲਾ ਹੈ ਜਿਸ ਵਿੱਚ ਉਸ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਚੋਣ ਲੜਨ ਵਾਲੇ ਉਮੀਦਵਾਰ ਲਈ ਆਪਣੇ ਵਿਰੁੱਧ ਦਰਜ ਕੇਸਾਂ ਅਤੇ ਉਸ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦੇਣਾ ਲਾਜ਼ਮੀ ਹੈ। ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਇਸ ਨੂੰ ਲਾਜ਼ਮੀ ਕੀਤਾ ਗਿਆ ਹੈ। ਜੇਕਰ ਚੰਦੂਮਾਜਰਾ ਵੱਲੋਂ ਪਠਾਨਮਾਜਰਾ ਵਿਰੁੱਧ ਲਗਾਇਆ ਗਿਆ ਇਹ ਦੋਸ਼ ਹਾਈਕੋਰਟ ਵਿੱਚ ਸੱਚ ਸਾਬਤ ਹੋ ਜਾਂਦਾ ਹੈ ਤਾਂ ਨਿਯਮਾਂ ਅਨੁਸਾਰ ਹਰਮੀਤ ਸਿੰਘ ਦੀ ਚੋਣ ਰੱਦ ਹੋ ਸਕਦੀ ਹੈ।