ਸਿਰਸਾ– ਡੇਰਾ ਮੁਖੀ ਰਾਮ ਰਹੀਮ ਨੂੰ 30 ਦਿਨ ਦੀ ਪੈਰੋਲ ਮਿਲਣ ’ਤੇ ਪੱਤਰਕਾਰ ਸਵ. ਰਾਮਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਆਪਣੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਉਨ੍ਹਾਂ ਰਾਮ ਰਹੀਮ ਨੂੰ ਦਿੱਤੀ ਗਈ ਪੈਰੋਲ ਦਾ ਵਿਰੋਧ ਕਰਦੇ ਹੋਏ ਸਰਕਾਰ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਜਬਰ-ਜ਼ਿਨਾਹ ਅਤੇ ਕਤਲ ਦੇ ਮਾਮਲੇ ’ਚ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਇਕ ਗੰਭੀਰ ਅਪਰਾਧੀ ਕਿਸਮ ਦਾ ਕੈਦੀ ਹੈ ਤਾਂ ਉਸ ਨੂੰ ਸਰਕਾਰ ਵਲੋਂ ਲਾਭ ਕਿਉਂ ਦਿੱਤਾ ਜਾ ਰਿਹਾ ਹੈ। ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਕੋਈ ਆਮ ਅਪਰਾਧੀ ਨਹੀਂ ਹੈ ਪਰ ਸਰਕਾਰ ਵਾਰ-ਵਾਰ ਰਾਮ ਰਹੀਮ ਨੂੰ ਆਮ ਅਪਰਾਧੀ ਦੱਸ ਰਹੀ ਹੈ।
ਅੰਸ਼ੁਲ ਨੇ ਕਿਹਾ ਕਿ ਉਹ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ ਜਲਦੀ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਨਗੇ। ਅੰਸ਼ੁਲ ਨੇ ਦੱਸਿਆ ਕਿ ਉਹ ਇਸ ਮਾਮਲੇ ਨੂੰ ਲੈ ਕੇ ਆਪਣੀ ਲੀਗਲ ਟੀਮ ਨਾਲ ਸਲਾਹ-ਮਸ਼ਵਰਾ ਕਰ ਰਹੇ ਹਨ। ਰਾਮ ਰਹੀਮ ਨੂੰ ਜੇਲ੍ਹ ’ਚੋਂ ਬਾਹਰ ਕੱਢਣਾ ਗਲਤ ਹੈ ਕਿਉਂਕਿ ਉਹ ਕਈ ਮਾਮਲਿਆਂ ’ਚ ਸਜ਼ਾ ਕੱਟ ਰਹੇ ਹਨ।
ਅੰਸ਼ੁਲ ਨੇ ਕਿਹਾ ਕਿ ਸਰਕਾਰ ਨੇ ਆਪਣੇ ਫਾਇਦੇ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ। ਉਨ੍ਹਾਂ ਦੇ ਬਾਹਰ ਆਉਣ ਨਾਲ ਲਾਅ ਐਂਡ ਆਰਡਰ ਨੂੰ ਖ਼ਤਰਾ ਹੈ ਅਤੇ ਇਸ ਨਾਲ ਦੰਗੇ ਤੱਕ ਭੜਕ ਸਕਦੇ ਹਨ। ਸਿਆਸਤ ਦੀ ਇਹ ਖੇਡ ਬੰਦ ਹੋਣੀ ਚਾਹੀਦੀ ਹੈ। ਅੰਸ਼ੁਲ ਨੇ ਅੱਗੇ ਕਿਹਾ ਕਿ 2017 ’ਚ ਡੇਰਾ ਪੈਰੋਕਾਰਾਂ ਵੱਲੋਂ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿਚ ਕਈ ਲੋਕਾਂ ਦੀ ਮੌਤ ਵੀ ਹੋਈ ਅਤੇ ਹਰਿਆਣਾ ਸੂਬੇ ’ਚ ਅਰਬਾਂ ਰੁਪਏ ਦਾ ਸਰਕਾਰੀ ਅਤੇ ਗੈਰ-ਸਰਕਾਰੀ ਨੁਕਸਾਨ ਹੋਇਆ। ਦੱਸ ਦਈਏ ਕਿ ਪੱਤਰਕਾਰ ਰਾਮਚੰਦਰ ਛਤਰਪਤੀ ਨੇ ਸਿਰਸਾ ਸਥਿਤ ਡੇਰਾ ਹੈੱਡਕੁਆਰਟਰ ‘ਤੇ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦਾ ਪਰਦਾਫਾਸ਼ ਕੀਤਾ ਸੀ ਅਤੇ 24 ਅਕਤੂਬਰ 2002 ਨੂੰ ਉਨ੍ਹਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।