ਚੰਡੀਗੜ੍ਹ – ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਣੇ ਕਈ ਕਾਂਗਰਸੀ ਆਗੂਆਂ ਵਲੋਂ ਅੱਜ ਕਾਨਫਰੰਸ ਕੀਤੀ ਗਈ। ਇਸ ਮੌਕੇ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਗਏ ਹਨ। ਪੰਜਾਬ ’ਚ ਕਾਨੂੰਨ ਨਾਮ ਦੀ ਕੋਈ ਚੀਜ਼ ਨਹੀਂ ਰਹੀ। ਪੰਜਾਬ ’ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜ ਚੁੱਕੀ ਹੈ, ਜਿਸ ਨਾਲ ਪੰਜਾਬ ਹੁਣ ਜੰਗਲ ਰਾਜ ਬਣ ਚੁੱਕਾ ਹੈ।
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ ਪੰਜਾਬ ’ਚ ਰੋਜ਼ਾਨਾ ਕਤਲ ਦੀਆਂ ਵਾਰਦਾਤਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਸ਼ਰੇਆਮ ਅੰਜ਼ਾਮ ਦਿੱਤਾ ਜਾ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੂੰ ਫੋਨ ’ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਕਰਕੇ ਲੋਕ ਫੋਨ ਚੁੱਕਣ ਤੋਂ ਡਰ ਰਹੇ ਹਨ। ਪੰਜਾਬ ਦੇ ਲੋਕਾਂ ਨੂੰ ਕਿਵੇਂ ਬਚਾਉਣਾ, ਲੋਕਾਂ ਦੀ ਸੁਰੱਖਿਆ ਕਿਵੇਂ ਕਰਨੀ ਹੈ, ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੈਸੇ ਦੇ ਨਾਂ ’ਤੇ ਪੰਜਾਬ ’ਚ ਲੋਕਾਂ ਨੂੰ ਫੋਨ ’ਤੇ ਧਮਕੀਆਂ ਦਿੱਤੀਆਂ ਜਾ ਰਹੀ ਹਨ। ਬੀਤੇ ਦਿਨੀਂ ਸਾਬਕਾ ਉੱਪ ਮੁੱਖ ਮੰਤਰੀ ਓ.ਪੀ.ਸੋਨੀ ਨੂੰ ਵੀ ਪੈਸੇ ਨੂੰ ਲੈ ਕੇ ਧਮਕੀ ਦਿੱਤੀ ਗਈ ਹੈ, ਜੋ ਬਹੁਤ ਚਿੰਤਾਜਨਕ ਹੈ। ਇਸ ਮਾਮਲੇ ਦੇ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਕੁਝ ਨਹੀਂ ਕਰ ਰਹੇ। ਮੁੱਖ ਮੰਤਰੀ ਭਗਵੰਤ ਮਾਨ ਆਪ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵੀ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਬਾਜਵਾ ਨੇ ਕਿਹਾ ਕਿ ਜੇ ਪੰਜਾਬ ਦੇ ਆਗੂ ਸੁਰੱਖਿਅਤ ਨਹੀਂ ਤਾਂ ਆਮ ਲੋਕ ਕਿਵੇਂ ਸੁਰੱਖਿਅਤ ਹੋ ਸਕਦੇ ਹਨ।