ਚੰਡੀਗੜ੍ਹ : ਸਿੱਧੂ ਮੂਸੇਵਾਲਾ ਦੇ ਗੀਤ SYL ‘ਤੇ ਲੱਗੀ ਰੋਕ ‘ਤੇ ਸੁਖਪਾਲ ਖਹਿਰਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਇਸ ਪਾਬੰਦੀ ਨੂੰ ਗਲਤ ਕਰਾਰ ਦਿੰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਹਰ ਕਿਸੇ ਨੂੰ ਆਪਣੀ ਰਾਇ ਰੱਖਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਮੂਸੇਵਾਲਾ ਦੇ ਇਸ ਗੀਤ ਨੂੰ ਬੈਨ ਕਰਨ ਦੀ ਕੋਈ ਤੁਕ ਨਹੀਂ ਬਣਦੀ। ਖਹਿਰਾ ਨੇ ਸਰਕਾਰ ਦੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ।
ਜ਼ਿਕਰਯੋਗ ਹੈ ਕਿ ਐਤਵਾਰ ਸਰਕਾਰ ਨੇ ਸਿੱਧੂ ਮੂਸੇਵਾਲਾ ਦੇ ਗੀਤ SYL ‘ਤੇ ਵੱਡੀ ਕਾਰਵਾਈ ਕਰਦਿਆਂ ਇਸ ਨੂੰ ਯੂ-ਟਿਊਬ ਦੀ ਸਾਈਟ ਤੋਂ ਹਟਾ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਕਾਰ ਦੀ ਸ਼ਿਕਾਇਤ ‘ਤੇ ਇਹ ਕਦਮ ਚੁੱਕਿਆ ਗਿਆ ਹੈ। ਐੱਸ.ਵਾਈ.ਐੱਲ. ਦਾ ਅਰਥ ਸਤਲੁਜ ਯਮੁਨਾ ਲਿੰਕ ਨਹਿਰ ਹੈ, ਜੋ ਕਿ 3 ਦਹਾਕਿਆਂ ਤੋਂ ਵੱਧ ਸਮੇਂ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਵਿਵਾਦ ਦਾ ਵਿਸ਼ਾ ਰਹੀ ਹੈ। SYL ਗੀਤ ਦੇ ਗਾਇਕ, ਲੇਖਕ ਅਤੇ ਕੰਪੋਜ਼ਰ ਸਿੱਧੂ ਮੂਸੇਵਾਲਾ ਹੀ ਸਨ। ਇਸ ਵਿੱਚ ਉਨ੍ਹਾਂ ਨੇ ਐੱਸ.ਵਾਈ.ਐੱਲ. ਦੇ ਮੁੱਦੇ ਨੂੰ ਹਵਾ ਦੇ ਦਿੱਤੀ ਹੈ।