ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਸਰਕਾਰ ਦੀ ‘ਅਗਨੀਪਥ’ ਯੋਜਨਾ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਦਨ ਅੰਦਰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵੱਡੀ ਗਿਣਤੀ ‘ਚ ਨੌਜਵਾਨ ਫ਼ੌਜ ‘ਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਹ ਯੋਜਨਾ ਵਾਪਸ ਲੈਣ ਦੀ ਮੰਗ ਕਰਨਗੇ। ਇਸ ਮਤੇ ਦਾ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਵਿਰੋਧ ਕੀਤਾ ਗਿਆ। ਉਨ੍ਹਾਂ ਨੂੰ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਵਾਲਿਆਂ ਨੂੰ ਜੇਕਰ ਇੰਨੀ ਹੀ ਇਹ ਸਕੀਮ ਵਧੀਆ ਲੱਗਦੀ ਹੈ ਤਾਂ ਫਿਰ ਆਪਣੇ ਮੁੰਡਿਆਂ ਨੂੰ ਅਗਨੀਵੀਰ ਬਣਾ ਲੈਣ।
ਉਨ੍ਹਾਂ ਕਿਹਾ ਕਿ ਔਖੇ ਟੈਸਟ ਪਾਸ ਕਰਨ ਤੋਂ ਬਾਅਦ ਅਗਨੀਵੀਰ ਮੋਰਚੇ ‘ਤੇ ਬੈਠ ਕੇ ਕਿਤਾਬਾਂ ਕਿਵੇਂ ਪੜ੍ਹਨਗੇ, ਜਿਵੇਂ ਕਿ ਭਾਜਪਾ ਕਹਿੰਦੀ ਹੈ ਕਿ ਅਗਨੀਵੀਰਾਂ ਨੂੰ ਪੜ੍ਹਾਇਆ ਵੀ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਸਿੱਧਾ ਕਹਿ ਦੇਵੇ ਕਿ ਉਨ੍ਹਾਂ ਕੋਲ ਪੈਸੇ ਨਹੀਂ ਹਨ ਅਤੇ ਉਹ ਫ਼ੌਜੀਆਂ ਨੂੰ ਪੈਨਸ਼ਨਾਂ ਨਹੀਂ ਦੇ ਸਕਦੀ। ਉਨ੍ਹਾਂ ਕਿਹਾ ਕਿ ਜਦੋਂ ਫ਼ੌਜੀ ਰਿਟਾਇਰ ਹੋ ਕੇ ਆਉਂਦੇ ਹਨ ਤਾਂ ਲੋਕ ਉਨ੍ਹਾਂ ਦਾ ਇੰਨਾ ਮਾਣ-ਸਤਿਕਾਰ ਕਰਦੇ ਹਨ।
ਭਗਵੰਤ ਮਾਨ ਨੇ ਕਿਹਾ ਕਿ ਅਗਨੀਵੀਰਾਂ ਨੂੰ ਤਾਂ ਨੌਕਰੀ ਪਿੱਛੋਂ ਕਿਸੇ ਤਰ੍ਹਾਂ ਦੀ ਪੈਨਸ਼ਨ ਵੀ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਵੀ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖ਼ੁਦ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ ਅਤੇ ਇਸ ਯੋਜਨਾ ਨੂੰ ਵਾਪਸ ਲੈਣ ਦੀ ਮੰਗ ਕਰਨਗੇ।