ਪੰਜਾਬ ਸਰਕਾਰ ਵੱਲੋਂ ‘ਰਾਜ ਆਫ਼ਤ ਨਜਿੱਠਣ ਫੰਡ’ ਕਾਇਮ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ : ਕਿਸੇ ਵੀ ਅਣਕਿਆਸੀ ਕੁਦਰਤੀ ਆਫ਼ਤ ਮੌਕੇ ਰਾਹਤ ਕਾਰਜਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਰਾਜ ਆਫ਼ਤ ਨਜਿੱਠਣ ਫੰਡ’ (ਐੱਸ.ਡੀ.ਐੱਮ.ਐੱਫ.) ਕਾਇਮ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਿਸਥਾਰ ਵਿਚ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਐੱਸ.ਡੀ.ਐੱਮ.ਐਫ. ਦਾ ਗਠਨ ਆਫ਼ਤ ਪ੍ਰਬੰਧਨ ਐਕਟ-2005 ਦੀ ਧਾਰਾ 48-1 (ਸੀ) ਤਹਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੰਡ ਦੇ ਬਣਨ ਨਾਲ ਸੂਬੇ ਵਿੱਚ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੇ ਕੰਮਾਂ ਨਾਲ ਸਬੰਧਤ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਕਦਮ ਸੂਬੇ ਨੂੰ ਕੁਦਰਤੀ ਆਫ਼ਤਾਂ ਨਾਲ ਨਿਪਟਣ ਵਿੱਚ ਮਦਦ ਕਰਨਗੇ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਫੰਡਾਂ ਦਾ ਗਠਨ 15ਵੇਂ ਵਿੱਤ ਕਮਿਸ਼ਨ ਦੀਆਂ ਸਿਫਾਰਸ਼ਾਂ ‘ਤੇ ਕੀਤਾ ਗਿਆ ਹੈ। 2021 ਤੋਂ 2026 ਤੱਕ ਐੱਸ.ਡੀ.ਐੱਮ.ਐੱਫ. ਵਿੱਚ ਸੂਬੇ ਦਾ ਹਿੱਸਾ 25 ਫ਼ੀਸਦੀ ਹੋਵੇਗਾ ਜਦੋਂ ਕਿ ਕੇਂਦਰੀ ਹਿੱਸਾ 75 ਫ਼ੀਸਦੀ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸਾਲ 2021 ਤੋਂ 2026 ਤੱਕ ਐੱਸ.ਡੀ.ਐੱਮ.ਐੱਫ. ਵਿੱਚ 729.60 ਕਰੋੜ ਰੁਪਏ ਦੀ ਕੁੱਲ ਰਾਸ਼ੀ ਦੀ ਵਿਵਸਥਾ ਹੋਵੋਗੀ ਅਤੇ ਇਹ ਰਾਸ਼ੀ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਲਈ ਸੂਬੇ ਦੀਆਂ ਤਿਆਰੀਆਂ ਨੂੰ ਹੋਰ ਪੁਖਤਾ ਕਰਨ ਵਿੱਚ ਸਹਾਈ ਸਿੱਧ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਸੁਹਿਰਦਤਾ ਨਾਲ ਸਮਝ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਅਣਕਿਆਸੀ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਠੋਸ ਤਿਆਰੀ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਪ੍ਰਮੁੱਖ ਤੌਰ ਉਤੇ ਤਰਜੀਹ ਦਿੰਦੀ ਹੈ ਅਤੇ ਇਸ ਨੇਕ ਕਾਰਜ ਲਈ ਵੀ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।