ਦਰਬਾਰ ਸਾਹਿਬ ਕੰਪਲੈਕਸ ਬਾਹਰਲੀਆਂ ਸਰਾਵਾਂ ’ਤੇ ਜੀ. ਐੱਸ. ਟੀ. ਦੇ ਫ਼ੈਸਲੇ ’ਤੇ CM ਮਾਨ ਦਾ ਵੱਡਾ ਬਿਆਨ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ’ਤੇ 12 ਫੀਸਦ ਜੀ. ਐੱਸ. ਟੀ. ਦੀ ਸ਼ਰਤ ਲਾਗੂ ਕਰਨ ਦੇ ਫ਼ੈਸਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੰਦਾ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸਥਿਤ ਸਰਾਵਾਂ ’ਤੇ 12 ਫੀਸਦੀ ਜੀ. ਐੱਸ. ਟੀ. ਲਗਾਉਣ ਦੇ ਫ਼ੈਸਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਧਰਮ ਅਸਥਾਨ ਸਭ ਦੇ ਸਾਂਝੇ ਹੁੰਦੇ ਹਨ, ਇਹ ਟੈਕਸ ਸ਼ਰਧਾਲੂਆਂ ਦੀ ਸ਼ਰਧਾ ’ਤੇ ਲਗਾਇਆ ਗਿਆ ਹੈ। ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਤੁਰੰਤ ਇਸ ਫ਼ੈਸਲੇ ਨੂੰ ਵਾਪਸ ਲੈਣ ਲਈ ਆਖਿਆ ਹੈ।
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਗੁਰਦੁਆਰਾ ਸਮੂਹ ਤੋਂ ਬਾਹਰ ਸਥਿਤ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਵਾਂ ’ਤੇ 12 ਫੀਸਦ ਜੀ. ਐੱਸ. ਟੀ. ਦੀ ਸ਼ਰਤ ਲਾਗੂ ਕਰ ਦਿੱਤੀ ਹੈ। ਕੇਂਦਰ ਦੇ ਇਸ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੀ ਦਰਬਾਰ ਸਾਹਿਬ ਨਾਲ ਸਬੰਧਤ ਸਰਾਂ ਸਾਰਾਗੜੀ ਨਿਵਾਸ ’ਤੇ ਵੀ ਲਗਪਗ ਦੋ ਕਰੋੜ ਰੁਪਏ ਤੋਂ ਵੱਧ ਟੈਕਸ ਅਤੇ ਜੁਰਮਾਨਾ ਲਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਦਰਬਾਰ ਸਾਹਿਬ ਦੇ ਲੰਗਰ ਘਰ ਲਈ ਖਰੀਦੀਆਂ ਜਾਂਦੀਆਂ ਵਸਤਾਂ ’ਤੇ ਵੀ ਜੀ. ਐੱਸ. ਟੀ. ਲਾਇਆ ਗਿਆ ਸੀ, ਜਿਸ ਨੂੰ ਹਟਾਉਣ ਲਈ ਸਿੱਖ ਸੰਸਥਾ ਨੂੰ ਲੰਮੀ ਜੱਦੋ-ਜਹਿਦ ਕਰਨੀ ਪਈ ਸੀ। ਹੁਣ ਜੁਲਾਈ ਮਹੀਨੇ ਤੋਂ ਕੇਂਦਰ ਸਰਕਾਰ ਨੇ ਗੁਰਦੁਆਰਾ ਕੰਪਲੈਕਸ ਦੇ ਘੇਰੇ ਤੋਂ ਬਾਹਰ ਬਣੀਆਂ ਸਰਾਵਾਂ ਆਦਿ ਨੂੰ ਜੀ. ਐੱਸ. ਟੀ. ਦੇ ਘੇਰੇ ਵਿਚ ਲੈ ਆਂਦਾ ਹੈ।