ਮਨੁੱਖੀ ਇਤਿਹਾਸ ਦੀ ਸਭ ਤੋਂ ਵੱਡੀ ‘ਯੂ-ਟਰਨ’ ਪਾਰਟੀ ਹੈ ‘ਆਪ’: ਭਾਜਪਾ

ਨਵੀਂ ਦਿੱਲੀ- ਭਾਜਪਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ’ਤੇ ਹਮਲਾ ਜਾਰੀ ਰੱਖਦਿਆਂ ਕਿਹਾ ਕਿ ਦਿੱਲੀ ਦੀ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) 3,000-4,000 ਸਾਲਾਂ ਦੇ ਮਨੁੱਖੀ ਇਤਿਹਾਸ ਦਾ ਸਭ ਤੋਂ ਵੱਡੀ ‘ਯੂ-ਟਰਨ’ (ਆਪਣੇ ਸਟੈਂਡ ਤੋਂ ਪਲਟ ਜਾਣ ਵਾਲੀ) ਪਾਰਟੀ ਹੈ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਪਾਰਟੀ ਹੈੱਡਕੁਆਰਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਖਿਲਾਫ ਸੀ. ਬੀ. ਆਈ. ਦੀ ਛਾਪੇਮਾਰੀ ਨਾਲ ਗੁਜਰਾਤ ’ਚ ‘ਆਪ’ ਦੀ ਵੋਟ ਹਿੱਸੇਦਾਰੀ ’ਚ ਵਾਧੇ ਸਬੰਧੀ ਕੇਜਰੀਵਾਲ ਦੇ ਦਾਅਵਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ, ‘‘ਫਿਰ ਤੋਂ ਡਰਾਮੇਬਾਜ਼ੀ ਸ਼ੁਰੂ ਹੋ ਗਈ ਹੈ।’’
ਪਾਤਰਾ ਨੇ ਕਿਹਾ, ‘ਆਮ ਆਦਮੀ ਪਾਰਟੀ ਦੇ ਹਰ ਨੇਤਾ ਦੀ ਗ੍ਰਿਫਤਾਰੀ ਤੋਂ ਪਹਿਲਾਂ ਕੇਜਰੀਵਾਲ ਇਸੇ ਤਰ੍ਹਾਂ ਦਾ ਡਰਾਮਾ ਕਰਦੇ ਹਨ।’’ ਉਨ੍ਹਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦਾ ਹਵਾਲਾ ਦਿੱਤਾ ਅਤੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਸੀ ਤਾਂ ਕੇਜਰੀਵਾਲ ਨੇ ਉਨ੍ਹਾਂ ਨੂੰ ‘ਕੱਟੜ ਈਮਾਨਦਾਰ’ ਦੱਸਿਆ ਸੀ।