ਪੰਜਾਬ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡੱਟ ਕੇ ਟਾਕਰਾ ਕਰਾਂਗੇ : ਸੁਖਬੀਰ ਬਾਦਲ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਾਬਕਾ ਸੀਨੀਅਰ ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂ ਵਾਲਿਆਂ ਨੇ ਮੁਲਾਕਾਤ ਕਰਦੇ ਹੋਏ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਜ਼ਮੀਨੀ ਪੱਧਰ ’ਤੇ ਲੋਕਾਂ ਦੇ ਡਾਵਾਂਡੋਲ ਹੋਏ ਪਏ ਹਾਲਾਤਾਂ ਦੇ ਬਾਰੇ ’ਚ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਅਵਤਾਰ ਸਿੰਘ ਟਰੱਕਾਂ ਵਾਲਿਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਛਾਏ ਜਾਲ ’ਚ ਫਸ ਕੇ ਸੂਬੇ ਦੇ ਲੋਕ ਪੰਜਾਬ ’ਚ ‘ਆਪ’ ਦੀ ਸਰਕਾਰ ਤਾਂ ਬਣਾ ਬੈਠੇ ਹਨ ਪਰ ਹੁਣ ਭਾਰੀ ਪਛਤਾ ਰਹੇ ਹਨ, ਕਿਉਂਕਿ ਇਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਹਰ ਵਰਗ ਦੇ ਲੋਕਾਂ ਨੂੰ ਬੇਰੋਜ਼ਗਾਰ ਕਰ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ’ਚ 7500 ਰੁਪਏ ਸੈਂਕੜੇ ਰੇਤ ਬਲੈਕ ’ਚ ਵਿਕਣੀ ਸ਼ੁਰੂ ਹੋ ਗਈ ਹੈ, ਜਿਸ ਕਾਰਨ ਹਰ ਪਾਸੇ ਹਾਹਾਕਾਰ ਮਚੀ ਹੋਈ ਹੈ ਪਰ ‘ਆਪ’ ਸਰਕਾਰ ਦੇ ਕੰਨ ’ਤੇ ਜੂੰ ਤੱਕ ਨਹੀਂ ਸਰਕ ਰਹੀ। ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਟਰੱਕਾਂ ਵਾਲਿਆਂ ਦੇ ਵਿਚਾਰਾਂ ਨੂੰ ਬੜੇ ਹੀ ਧਿਆਨ ਨਾਲ ਸੁਣਨ ਉਪਰੰਤ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ‘ਆਪ’ ਸਰਕਾਰ ਦੀਆਂ ਧੱਕੇਸ਼ਾਹੀਆਂ ਦਾ ਡੱਟ ਕੇ ਟਾਕਰਾ ਕਰੇਗਾ। ਜੇਕਰ ਪੰਜਾਬ ਸਰਕਾਰ ਨੇ ਜਲਦ ਰੇਤਾ ਸਸਤੀ ਨਾ ਕੀਤੀ ਤਾਂ ਅਕਾਲੀ ਦਲ ਸੜਕਾਂ ’ਤੇ ਉਤਰ ਕੇ ਸਰਕਾਰ ਦੇ ਨੱਕ ’ਚ ਦਮ ਕਰ ਦੇਵੇਗਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਕੰਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਾ ਹੁੰਦਾ ਹੈ ਨਾ ਕਿ ਉਨ੍ਹਾਂ ਦਾ ਖੂਨ ਨਿਚੋੜਨਾ ਨਹੀਂ।