ਤਰੁਣ ਚੁੱਘ ਦਾ ਪੰਜਾਬ ਸਰਕਾਰ ‘ਤੇ ਤੰਜ : ਸਿਆਸੀ ਸੈਰ-ਸਪਾਟੇ ਨੇ ਖਜ਼ਾਨਾ ਕੀਤਾ ਖਾਲੀ

ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦੇ ਵਿੱਤੀ ਸੰਕਟ ਨੂੰ ਲੈ ਕੇ ਬੋਲਦਿਆਂ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਖਜ਼ਾਨੇ ਨੂੰ ਹੈਲੀਕਾਪਟਕਰਾਂ ਦੀ ਯਾਤਰਾ ‘ਤੇ ਖਰਚ ਕਰ ਰਹੀ ਹੈ। ਅੱਜ ਸਥਿਤੀ ਇਹ ਹੈ ਕਿ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਦੇਰੀ ਨਾਲ ਮਿਲ ਰਹੀਆਂ ਹਨ।
ਭਗਵੰਤ ਮਾਨ ਆਪਣੇ ਸਿਆਸੀ ਆਕਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਸਿਆਸੀ ਸੈਰਾਂ ਕਰ ਰਹੇ ਹਨ, ਜਿਸ ਕਾਰਨ ਸੂਬੇ ਦੇ ਖਜ਼ਾਨੇ ‘ਤੇ ਵਾਧੂ ਬੋਝ ਪੈ ਰਿਹਾ ਹੈ। ਦੁੱਖ ਦੀ ਗੱਲ ਇਹ ਹੈ ਕਿ ਸਾਢੇ 5 ਮਹੀਨਿਆਂ ਤੋਂ ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਇਕ ਪਾਸੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਕਰਜ਼ ਮੁਕਤ ਕਰਨ ਦੇ ਝੂਠੇ ਦਾਅਵੇ ਕਰ ਰਹੇ ਹਨ, ਦੂਜੇ ਪਾਸੇ ਮੁਲਾਜ਼ਮਾਂ ਨੂੰ ਤਨਖਾਹਾਂ ਦੇਣ ਲਈ ਰਿਜ਼ਰਵ ਬੈਂਕ ਤੋਂ ਕਰਜ਼ਾ ਲਿਆ ਜਾ ਰਿਹਾ ਹੈ।
ਪੰਜਾਬ ਦੇ ਵਿੱਤੀ ਸੰਕਟ ਦਾ ਕਾਰਨ ਕੇਜਰੀਵਾਲ ਹੈ ਜੋ ਦਿੱਲੀ ਤੋਂ ਪੰਜਾਬ ਸਰਕਾਰ ਨੂੰ ਕੰਟਰੋਲ ਕਰ ਰਿਹਾ ਹੈ। ਮਾਨ ਸਰਕਾਰ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ ਤੇ ਸ਼ਗਨ ਸਕੀਮ ਦੀ ਰਾਸ਼ੀ ਦੇਣ ਦੇ ਸਮਰੱਥ ਨਹੀਂ ਹੈ ਤੇ ਦੂਜੇ ਪਾਸੇ ਸਰਕਾਰ ਨੇ ਆਟਾ ਦਾਲ ਸਕੀਮ ਬੰਦ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ।