ਗੁਰਦਾਸਪੁਰ- ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਡੀ. ਜੀ. ਪੀ. ਵੀ. ਕੇ. ਭਾਵਰਾ ਦੁਆਰਾ ਉਠਾਏ ਗਏ 20 ਅਜੀਬ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਡੀ. ਜੀ. ਪੀ. ਭਾਵਰਾ ਵੱਲੋਂ ਮੰਗੇ ਗਏ ਪੂਰੇ ਅੰਕੜੇ ਅਤੇ ਵਿਸ਼ਲੇਸ਼ਣ ਮੁਹੱਈਆ ਕਰਵਾਉਣ, ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਆਪਣੀ ਡਿਊਟੀ ਨਾ ਨਿਭਾਉਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਘੱਟੋ-ਘੱਟ ਮੁੱਖ ਮੰਤਰੀ ਅਤੇ ਡੀ. ਜੀ. ਪੀ. ਦਰਮਿਆਨ ਹੋਈ ਇਸ ਗੱਲਬਾਤ ਨਾਲ ਲੋਕਾਂ ਨੂੰ ਸੂਬੇ ’ਚ ਕਾਨੂੰਨ-ਵਿਵਸਥਾ ਦੀ ਅਸਲ ਸਥਿਤੀ ਜਾਣਨ ਦਾ ਮੌਕਾ ਤਾਂ ਮਿਲੇਗਾ।
ਉਨ੍ਹਾਂ ਨੂੰ ਇਹ ਜਾਣਨ ਦਾ ਮੌਕਾ ਵੀ ਮਿਲੇਗਾ ਕਿ ਜਦੋਂ ਸੂਬੇ ’ਚ ਫਿਰਕੂ ਹਿੰਸਾ, ਦਹਿਸ਼ਤੀ ਹਮਲੇ ਅਤੇ ਕਤਲਾਂ ਦੀਆਂ ਘਟਨਾਵਾਂ ਵਾਪਰ ਰਹੀਆਂ ਸਨ ਤਾਂ ਅਸਲ ’ਚ ਕੌਣ ਝੂਠ ਬੋਲ ਰਿਹਾ ਸੀ। ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਡੀ. ਜੀ. ਪੀ. ਭਾਵਰਾ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦੇਣ ’ਚ ਅਸਫ਼ਲ ਰਹਿੰਦੀ ਹੈ ਤਾਂ ਕਿਸੇ ਸੀਨੀਅਰ ਪੁਲਸ ਅਧਿਕਾਰੀ ਨੂੰ ਇਸ ਤਰ੍ਹਾਂ ਜਲੀਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਮਾਨ ਨੂੰ ਯਾਦ ਕਰਵਾਇਆ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਇਸ ਤਰ੍ਹਾਂ ਦਾ ਸਲੂਕ ਕੀਤਾ ਗਿਆ ਹੋਵੇ।