ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਸ਼ਨੀਵਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਆਮ ਆਦਮੀ ਪਾਰਟੀ ਵੱਲੋਂ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਤੇ 6 ਲੱਖ ਸਰਕਾਰੀ ਨੌਕਰੀਆਂ ਵਰਗੇ ਵਾਅਦਿਆਂ ਨਾਲ ਮੂਰਖ ਬਣਾਉਣ ਤੋਂ ਪਹਿਲਾਂ ਉਹ ਦੱਸਣ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਕਿਹੜਾ ਭੱਤਾ ਦਿੱਤਾ ਹੈ ਤੇ ਕਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਦਿੱਲੀ ਦੇ ਝੂਠ ਜੋ ਪੰਜਾਬ ਲਿਆਂਦੇ ਗਏ, ਹੁਣ ਹਿਮਾਚਲ ਪ੍ਰਦੇਸ਼ ਲਿਜਾਏ ਜਾ ਰਹੇ ਹਨ। ‘ਆਪ’ ਸਰਕਾਰ ਨੇ ਬੀਤੇ 8 ਸਾਲਾਂ ਵਿਚ ਦਿੱਲੀ ‘ਚ ਇਕ ਰੁਪਇਆ ਵੀ ਬੇਰੁਜ਼ਗਾਰੀ ਭੱਤਾ ਨਹੀਂ ਦਿੱਤਾ। ਇਸ ਨੇ ਇਹੀ ਪੰਜਾਬ ਵਿਚ ਵੀ ਕੀਤਾ ਤੇ ਹੁਣ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵਾਅਦਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮੂਰਖ ਬਣਾ ਕੇ ਪਾਰਟੀ ਵਾਸਤੇ ਵੋਟਾਂ ਲਈਆਂ ਜਾ ਸਕਣ।
ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਨੇ ਪਿਛਲੇ 6 ਮਹੀਨਿਆਂ ਵਿਚ ਪੰਜਾਬ ਦੇ ਕਿੰਨੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਤਾਜ਼ਾ ਰਿਪੋਰਟਾਂ ਮੁਤਾਬਕ ‘ਆਪ’ ਸਰਕਾਰ ਨੇ ਅਜੇ ਤੱਕ ਖਾਲੀ ਪਈਆਂ ਸਰਕਾਰੀ ਅਸਾਮੀਆਂ ਵੀ ਨਹੀਂ ਭਰੀਆਂ। ਜਿਹੜੀਆਂ ਸਰਕਾਰੀ ਅਸਾਮੀਆਂ ਖਾਲੀ ਹੋ ਰਹੀਆਂ ਹਨ, ਉਨ੍ਹਾਂ ‘ਚੋਂ ਬਹੁਤੀਆਂ ਖਤਮ ਕੀਤੀਆਂ ਜਾ ਰਹੀਆਂ ਹਨ ਅਤੇ ਜਿਹੜੀਆਂ ਭਰੀਆਂ ਜਾ ਰਹੀਆਂ ਹਨ, ਉਨ੍ਹਾਂ ਦਾ ਪ੍ਰੋਬੇਸ਼ਨ ਸਮਾਂ ਯਾਨੀ ਪਰਖ ਕਾਲ 3 ਸਾਲ ਕਰਕੇ ਨੌਜਵਾਨਾਂ ਨੂੰ ਤਨਖਾਹ ਦਾ ਨਿਗੂਣਾ ਹਿੱਸਾ ਦਿੱਤਾ ਜਾ ਰਿਹਾ ਹੈ। ਅਜਿਹੀਆਂ ਨੌਕਰੀਆਂ ਉਂਗਲਾਂ ’ਤੇ ਗਿਣੀਆਂ ਜਾ ਸਕਦੀਆਂ ਹਨ। ਦਿੱਲੀ ‘ਚ ‘ਆਪ’ ਸਰਕਾਰ ਦਾ ਵੀ ਇਹੀ ਟ੍ਰੈਕ ਰਿਕਾਰਡ ਹੈ, ਜਿਸ ਨੇ ਪਿਛਲੇ 7 ਸਾਲਾਂ ਵਿਚ 3246 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿਹੜੀ ਪਾਰਟੀ ਪੰਜਾਬ ਅਤੇ ਦਿੱਲੀ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇਣ ‘ਚ ਨਾਕਾਮ ਰਹੀ ਹੈ, ਉਹ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ 6 ਲੱਖ ਸਰਕਾਰੀ ਨੌਕਰੀਆਂ ਦੇਣ ਦਾ ਵਾਅਦਾ ਕਰ ਰਹੀ ਹੈ।
ਮਜੀਠੀਆ ਨੇ ਕਿਹਾ ਕਿ ਕੁਝ ਕਰਨ ਦੀ ਤਾਂ ਗੱਲ ਹੀ ਛੱਡੋ, ‘ਆਪ’ ਨੇ ਪੰਜਾਬ ਵਿਚ ਦਿੱਤੀਆਂ ‘ਗਰੰਟੀਆਂ’ ਹੀ ਪੂਰੀਆਂ ਨਹੀਂ ਕੀਤੀਆਂ। ਠੇਕੇ ’ਤੇ ਕੰਮ ਕਰਦੇ 35 ਹਜ਼ਾਰ ਕਾਮੇ ਜਿਨ੍ਹਾਂ ਨੂੰ ‘ਆਪ’ ਸਰਕਾਰ ਬਣਦੇ ਸਾਰ ਨੌਕਰੀਆਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ, ਹੁਣ ਤੱਕ ਵਾਅਦਾ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ। ਇਸੇ ਤਰੀਕੇ ਪੰਜਾਬ ਦੀਆਂ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦਾ ਵਾਅਦਾ ਕੀਤਾ ਗਿਆ ਸੀ, ਜਦੋਂ ਕਿ ਪਿਛਲੇ 6 ਮਹੀਨਿਆਂ ਵਿਚ ਇਕ ਧੇਲਾ ਵੀ ਨਹੀਂ ਦਿੱਤਾ ਗਿਆ। ਮਜੀਠੀਆ ਨੇ ਹਿਮਾਚਲ ਦੇ ਲੋਕਾਂ ਨੂੰ ਆਖਿਆ ਕਿ ਉਹ ‘ਆਪ’ ਦੀਆਂ ਗਾਰੰਟੀਆਂ ‘ਤੇ ਵਿਸ਼ਵਾਸ ਨਾ ਕਰਨ ਕਿਉਂਕਿ ‘ਆਪ’ ਸਿਰਫ ਇਹੀ ਗਾਰੰਟੀ ਦੇ ਸਕਦੀ ਹੈ ਕਿ ਸੱਤਾ ਵਿਚ ਆਉਣ ’ਤੇ ਸੂਬੇ ਨੂੰ ਦਿੱਲੀ ਤੋਂ ਰਿਮੋਰਟ ਕੰਟਰੋਲ ਨਾਲ ਚਲਾਇਆ ਜਾਵੇਗਾ ਤੇ ਅਜਿਹਾ ਮੁੱਖ ਮੰਤਰੀ ਨਿਯੁਕਤ ਕੀਤਾ ਜਾਵੇਗਾ, ਜੋ ਸਿਰਫ ਰਬੜ ਦੀ ਮੋਹਰ ਹੋਵੇਗਾ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਦਰਿਆਈ ਪਾਣੀ ਸਮੇਤ ਸਾਰੇ ਹਿੱਤ ਉਸੇ ਤਰੀਕੇ ਖਤਰੇ ਵਿਚ ਪੈ ਜਾਣਗੇ, ਜਿਵੇਂ ਪੰਜਾਬ ਵਿਚ ਪਏ ਹਨ ਤੇ ‘ਆਪ’ ਸਰਕਾਰ ਵੱਲੋਂ ਹਿਮਾਚਲੀ ਲੋਕਾਂ ਨੂੰ ਹਰਿਆਣਾ ਤੇ ਦਿੱਲੀ ਵਿਚ ਪਾਰਟੀ ਦੇ ਹਿੱਤਾਂ ਲਈ ਕੰਮ ਕਰਨ ਵਾਸਤੇ ਮਜਬੂਰ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਦਾ ਸਰਕਾਰੀ ਖਜ਼ਾਨਾ ਵੀ ਲੁੱਟ ਕੇ ਦੇਸ਼ ਦੇ ਹੋਰ ਰਾਜਾਂ ਵਿਚ ‘ਆਪ’ ਦੇ ਹਿੱਤਾਂ ਦੀ ਪੂਰਤੀ ਵਾਸਤੇ ਵਰਤਿਆ ਜਾ ਸਕਦਾ ਹੈ।
ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਚੰਗੇ ਪ੍ਰਸ਼ਾਸਨ ਤੇ ਕਿਸਾਨਾਂ ਅਤੇ ਗਰੀਬ ਵਰਗਾਂ ਦੀ ਭਲਾਈ ਵਾਸਤੇ ਦਿੱਤੇ ਸਾਰੇ ਭਰੋਸੇ ਝੂਠੇ ਸਾਬਤ ਹੋਏ ਹਨ। ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ। ਵਪਾਰੀ ਤੇ ਉਦਯੋਗਪਤੀ ਫਿਰੌਤੀਆਂ ਤੋਂ ਘਬਰਾਏ ਹੋਏ ਹਨ ਤੇ ਆਮ ਆਦਮੀ ਰੋਜ਼ਾਨਾ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਵੇਖ ਰਹੇ ਹਨ। ਖੇਤੀ ਸੈਕਟਰ ਵੀ ਸੰਕਟ ਵਿਚ ਹੈ ਤੇ ਕਿਸਾਨਾਂ ਨੂੰ ਮੁੱਖ ਮੰਤਰੀ ਵੱਲੋਂ ਭਰੋਸਾ ਦਿਵਾਉਣ ਦੇ ਬਾਵਜੂਦ ਮੂੰਗੀ ਦਾ ਐੱਮ.ਐੱਸ.ਪੀ. ਅਨੁਸਾਰ ਮੁੱਲ ਨਹੀਂ ਮਿਲਿਆ। ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਹੀ ਛੱਡੋ, ਅਜਿਹਾ ਜਾਪਦਾ ਹੈ ਕਿ ਕਿਸਾਨ ਖੁਦਕੁਸ਼ੀਆਂ ਅਤੇ ਕਿਸਾਨੀ ਕਰਜ਼ਾ ਦੁੱਗਣਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਲਈ ਕੋਈ ਮੁਆਵਜ਼ਾ ਨਹੀਂ ਮਿਲਿਆ। ਡੇਅਰੀ ਕਿਸਾਨਾਂ ਨੂੰ ਵੀ ਲੰਪੀ ਚਮੜੀ ਰੋਗ ਨਾਲ ਹੋਏ ਦੁਧਾਰੂ ਪਸ਼ੂਆਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।