ਇਸ ਸਰਟੀਫ਼ਿਕੇਟ ਤੋਂ ਬਿਨਾਂ ਦਿੱਲੀ ’ਚ 25 ਅਕਤੂਬਰ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਨਵੀਂ ਦਿੱਲੀ- ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ 25 ਅਕਤੂਬਰ ਤੋਂ ਰਾਸ਼ਟਰੀ ਰਾਜਧਾਨੀ ਦੇ ਪੈਟਰੋਲ ਪੰਪਾਂ ’ਤੇ ਪ੍ਰਦੂਸ਼ਣ ਅੰਡਰ ਕੰਟਰੋਲ (PUC) ਸਰਟੀਫ਼ਿਕੇਟ ਦੇ ਬਿਨਾਂ ਪੈਟਰੋਲ ਅਤੇ ਡੀਜ਼ਲ ਉਪਲੱਬਧ ਨਹੀਂ ਕਰਵਾਇਆ ਜਾਵੇਗਾ। ਇਸ ਬਾਬਤ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਸ ਸਬੰਧ ’ਚ ਨੋਟੀਫ਼ਿਕੇਸ਼ਨ ਜਲਦ ਹੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਵਾਤਾਵਰਣ, ਟਰਾਂਸਪੋਰਟ ਅਤੇ ਆਵਾਜਾਈ ਵਿਭਾਗ ਦੇ ਅਧਿਕਾਰੀਆਂ ਦੀ ਇਕ ਬੈਠਕ 29 ਸਤੰਬਰ ਨੂੰ ਬੁਲਾਈ ਗਈ ਸੀ, ਜਿਸ ’ਚ 25 ਅਕਤੂਬਰ ਤੋਂ ਇਸ ਯੋਜਨਾ ਨੂੰ ਲਾਗੂ ਕਰਨ ਦਾ ਫ਼ੈਸਲਾ ਲਿਆ ਗਿਆ।
ਰਾਏ ਨੇ ਇੱਥੇ ਇਕ ਪੱਤਰਕਾਰ ਸੰਮੇਲਨ ’ਚ ਕਿਹਾ ਕਿ ਦਿੱਲੀ ’ਚ ਪ੍ਰਦੂਸ਼ਣ ’ਚ ਵਾਧੇ ਦਾ ਕਾਰਨ ਵਾਹਨਾਂ ਤੋਂ ਨਿਕਲਣ ਵਾਲੇ ਧੂੰਏਂ ਦਾ ਵੱਡਾ ਹੱਥ ਹੈ। ਇਸ ਨੂੰ ਘੱਟ ਕਰਨਾ ਜ਼ਰੂਰੀ ਹੈ, ਇਸ ਲਈ ਇਹ ਫ਼ੈਸਲਾ ਲਿਆ ਗਿਆ ਹੈ ਕਿ 25 ਅਕਤੂਬਰ ਤੋਂ ਵਾਹਨ ਦੇ PUC ਦੇ ਬਿਨਾਂ ਪੈਟਰੋਲ ਪੰਪਾਂ ’ਤੇ ਪੈਟਰੋਲ, ਡੀਜ਼ਲ ਨਹੀਂ ਮਿਲੇਗਾ। ਰਾਏ ਨੇ ਇਹ ਵੀ ਕਿਹਾ ਕਿ ਦਿੱਲੀ ਸਰਕਾਰ ਪ੍ਰਦੂਸ਼ਣ ਨਾਲ ਨਜਿੱਠਣ ਅਤੇ ਸੋਧੇ ਹੋਏ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ 3 ਅਕਤੂਬਰ ਤੋਂ 24 ਘੰਟੇ ਚੱਲਣ ਵਾਲਾ ਕੰਟਰੋਲ ਰੂਮ ਸ਼ੁਰੂ ਕਰੇਗੀ।