ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ’ਚ ਡੇਰਾ ਖੋਲ੍ਹੇ ਜਾਣ ਦੇ ਬਿਆਨ ’ਤੇ ਕੀ ਬੋਲੇ ਸਪੀਕਰ ਕੁਲਤਾਰ ਸੰਧਵਾਂ

ਸ੍ਰੀ ਅਨੰਦਪੁਰ ਸਾਹਿਬ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਖਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਪਹੁੰਚੇ। ਜਿੱਥੇ ਉਨ੍ਹਾਂ ਦਾ ਸੂਚਨਾ ਦਫ਼ਤਰ ਵਿਖੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦਾ ਇਤਿਹਾਸਕ ਫ਼ੈਸਲਾ ਲਿਆ ਗਿਆ ਹੈ, ਉਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਟੀਮ ਦੇ ਨਾਲ-ਨਾਲ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਵਧਾਈ ਦੇ ਪਾਤਰ ਹਨ। ਸੌਦਾ ਸਾਧ ਗੁਰਮੀਤ ਰਾਮ ਰਹੀਮ ਵਲੋਂ ਪੰਜਾਬ ’ਚ ਡੇਰਾ ਖੋਲ੍ਹਣ ਦੇ ਦਿੱਤੇ ਬਿਆਨ ਸਬੰਧੀ ਸਪੀਕਰ ਸੰਧਵਾਂ ਨੇ ਕਿਹਾ ਕਿ ਡੇਰਾ ਖੋਲ੍ਹਣ ਜਾਂ ਨਾ ਖੋਲ੍ਹਣ ਬਾਰੇ ਮੈਂ ਕੁਝ ਨਹੀਂ ਕਹਿ ਸਕਦਾ ਪਰ ਮੈਂ ਗੁਰਮੀਤ ਰਾਮ ਰਹੀਮ ਨੂੰ ਬਾਬਾ ਹੀ ਨਹੀਂ ਮੰਨਦਾ।
ਵਿਧਾਨ ਸਭਾ ਭਰਤੀ ਘਪਲੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਕਾਨੂੰਨੀ ਰਾਏ ਲੈ ਲਈ ਗਈ ਹੈ, ਜਿਸ ਤੋਂ ਬਾਅਦ ਇਸ ਘਪਲੇ ਦੀ ਜਾਂਚ ਚੱਲ ਰਹੀ ਹੈ ਅਤੇ ਜੇਕਰ ਇਸ ਜਾਂਚ ’ਚ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਸਰਕਾਰ ਵੱਲੋਂ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਰੂਪਨਗਰ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਮਾਸਟਰ ਹਰਦਿਆਲ ਸਿੰਘ ਬੈਂਸ, ਦਵਿੰਦਰ ਸਿੰਘ ਸ਼ਿੰਦੂ, ਸੁਰਜੀਤ ਸਿੰਘ ਚਹਿੜਮਜਾਰਾ, ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।