ਜੰਮੂ – ਫ਼ੌਜ ਨੇ ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ‘ਚ ਕੰਟਰੋਲ ਰੇਖਾ (ਐੱਲ.ਓ.ਸੀ.) ਕੋਲ ਘੁਸਪੈਠ ਦੀ ਕੋਸ਼ਿਸ਼ ਨੂੰ ਅਸਫ਼ਲ ਕਰ ਦਿੱਤਾ ਅਤੇ ਇਸ ਦੌਰਾਨ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਇਕ ਰੱਖਿਆ ਬੁਲਾਰੇ ਨੇ ਕਿਹਾ,”ਅੱਜ ਲਗਭਗ 10 ਵਜੇ, ਫ਼ੌਜ ਦੇ ਸਰਗਰਮ ਜਵਾਨਾਂ ਨੇ ਪੁੰਛ ਸੈਕਟਰ ‘ਚ ਕੰਟਰੋਲ ਰੇਖਾ ‘ਤੇ ਕੁਝ ਵਿਅਕਤੀਆਂ ਦੀਆਂ ਸ਼ੱਕੀ ਗਤੀਵਿਧੀਆਂ ਦੇਖੀਆਂ। ਉਹ ਲੋਕ ਕੰਟਰੋਲ ਰੇਖਆ ਪਾਰ ਕਰ ਕੇ ਭਾਰਤੀ ਸਰਹੱਦ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ।”
ਬੁਲਾਰੇ ਅਨੁਸਾਰ ਫ਼ੌਜੀਆਂ ਨੇ ਘੁਸਪੈਠੀਆਂ ਨੂੰ ਲਲਕਾਰਿਆ, ਜਿਨ੍ਹਾਂ ਨੇ ਜਵਾਨਾਂ ‘ਤੇ ਗੋਲੀਆਂ ਚਲਾਈਆਂ। ਇਸ ਤੋਂ ਬਾਅਦ ਹੋਏ ਮੁਕਾਬਲੇ ‘ਚ ਇਕ ਅੱਤਵਾਦੀ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਅੱਤਵਾਦੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਹਾਦਸੇ ਵਾਲੀ ਜਗ੍ਹਾ ਤੋਂ 2 ਏ.ਕੇ.-47 ਰਾਈਫ਼ਲ, ਇਕ ਪਿਸਤੌਲ ਅਤੇ ਹੋਰ ਸਾਜੋ-ਸਾਮਾਨ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਅਜੇ ਜਾਰੀ ਹੈ ਅਤੇ ਇਲਾਕੇ ‘ਚ ਤਲਾਸ਼ੀ ਲਈ ਜਾ ਰਹੀ ਹੈ।