ਨੈਸ਼ਨਲ ਡੈਸਕ- ਦਿੱਲੀ ’ਚ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਚੌਥੇ ਦਿਨ ਮੰਗਲਵਾਰ ਸਵੇਰੇ ‘ਬਹੁਤ ਖਰਾਬ’ ਸ਼੍ਰੇਣੀ ’ਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਦੇ ਮਾਹਿਰਾਂ ਨੇ ਦਿਨ ਵੇਲੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ ਘੱਟੋ-ਘੱਟ ਤਾਪਮਾਨ 17.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸੀਜ਼ਨ ਲਈ ਔਸਤ ਨਾਲੋਂ ਤਿੰਨ ਡਿਗਰੀ ਵੱਧ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅੰਕੜਿਆਂ ਦੇ ਅਨੁਸਾਰ, ਰਾਸ਼ਟਰੀ ਰਾਜਧਾਨੀ ’ਚ 24 ਘੰਟੇ ਦੀ ਔਸਤ AQI ਮੰਗਲਵਾਰ ਸਵੇਰੇ 348 ਸੀ।
ਐਤਵਾਰ ਨੂੰ AQI 339 ਸੀ ਜੋ ਸੋਮਵਾਰ ਨੂੰ ਵਧ ਕੇ 354 ਹੋ ਗਿਆ। ਸ਼ਨੀਵਾਰ ਨੂੰ ਇਹ 381 ਸੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਦਿੱਲੀ ’ਚ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸਾਲ 2008 ਤੋਂ ਬਾਅਦ ਨਵੰਬਰ ਮਹੀਨੇ ’ਚ ਸਭ ਤੋਂ ਵੱਧ ਹੈ।
ਜਿੱਥੇ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਔਸਤ ਤੋਂ ਚਾਰ ਡਿਗਰੀ ਵੱਧ ਦਰਜ ਕੀਤਾ ਗਿਆ, ਉੱਥੇ ਹੀ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। IMD ਨੇ ਕਿਹਾ ਕਿ ਸਵੇਰੇ 8.30 ਵਜੇ ਸਾਪੇਖਿਕ ਨਮੀ 92 ਫ਼ੀਸਦੀ ਰਹੀ। ਮੌਸਮ ਵਿਭਾਗ ਨੇ ਦਿਨ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।