ਗੁਰਦਾਸਪੁਰ : ਆਏ ਦਿਨ ਸਰਹੱਦ ਪਾਰ ਪਾਕਿਸਤਾਨ ਵੱਲੋਂ ਡਰੋਨ ਦੀਆਂ ਗਤੀਵਿਧੀਆਂ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਖ਼ਤ ਫ਼ੈਸਲਾ ਲੈਂਦਿਆ ਡਰੋਨ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਮੁਹੰਮਦ ਇਸ਼ਫ਼ਾਕ (ਆਈ.ਏ.ਐੱਸ.) ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲ੍ਹਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰ੍ਹਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ।
ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ ਕੀਤਾ ਗਿਆ ਹੈ। ਮਨਾਹੀ ਦੇ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਾਬੰਦੀ ਦਾ ਇਹ ਹੁਕਮ 22 ਨਵੰਬਰ 2022 ਤੋਂ 20 ਜਨਵਰੀ 2023 ਤੱਕ ਲਾਗੂ ਰਹੇਗਾ।