ਨਵੀਂ ਦਿੱਲੀ – ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਗੁਜਰਾਤ ਅਤੇ ਦਿੱਲੀ ਨਗਰ ਨਿਗਮ (ਐੱਮ.ਸੀ.ਡੀ.) ਚੋਣਾਂ ‘ਚ ਹਾਰ ਦੇ ਡਰੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਸਿਸੋਦੀਆ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਇਸ ਮਾਮਲੇ ‘ਚ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਕਰਨਗੇ। ਇੱਥੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਸੋਦੀਆ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਭਾਜਪਾ ਆਗੂ ਮਨੋਜ ਤਿਵਾੜੀ ਵੱਲੋਂ ਕੇਜਰੀਵਾਲ ਵਿਰੁੱਧ ਜਿਸ ਤਰ੍ਹਾਂ ਦੀ ਭਾਸ਼ਾ ਵਰਤੀ ਗਈ, ਉਹ ‘ਖੁੱਲ੍ਹੀ ਧਮਕੀ’ ਹੈ।
ਸਿਸੋਦੀਆ ਨੇ ਕਿਹਾ,”ਉਨ੍ਹਾਂ (ਮਨੋਜ ਤਿਵਾੜੀ) ਦੀ ਭਾਸ਼ਾ ਅਰਵਿੰਦ ਕੇਜਰੀਵਾਲ ਦੇ ਕਤਲ ਲਈ ਰਚੀ ਜਾ ਰਹੀ ਸਾਜਿਸ਼ ਵੱਲ ਇਸ਼ਾਰਾ ਕਰਦੀ ਹੈ। ਅਸੀਂ ਇਸ ਧਮਕ ਲਈ ਮਨੋਜ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਵੀ ਮੰਗ ਕਰਦੇ ਹਨ।” ਤਿਵਾੜੀ ਨੇ ਇਨ੍ਹਾਂ ਦੋਸ਼ਾਂ ਦੇ ਜਵਾਬ ‘ਚ ਕਿਹਾ ਕਿ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਉਨ੍ਹਾਂ ਨੇ ਇਸ ਦੋਸ਼ ਨੂੰ ਖਾਰਜ ਕੀਤਾ ਕਿ ਉਨ੍ਹਾਂ ਦੀ ਪਾਰਟੀ ਕੇਜਰੀਵਾਲ ਨੂੰ ਮਾਰਨ ਦੀ ਸਾਜਿਸ਼ ਰਚ ਰਹੀ ਹੈ। ਸਿਸੋਦੀਆ ਨੇ ਵੀਰਵਾਰ ਨੂੰ ਦੋਸ਼ ਲਗਾਇਆ ਸੀ ਕਿ ਭਾਜਪਾ ਨੇ ਗੁਜਰਾਤ ਅਤੇ ਐੱਮ.ਸੀ.ਡੀ. ਚੋਣਾਂ ‘ਚ ਹਾਰ ਦੇ ਡਰ ਕਾਰਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਸਾਜਿਸ਼ ਰਚੀ ਹੈ ਅਤੇ ਦਿੱਲੀ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਇਸ ‘ਚ ਸ਼ਾਮਲ ਹਨ।