ਅੰਮ੍ਰਿਤਸਰ : ਤਖਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਪੁਤਲੇ ਫੂਕਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੇ ਸ਼ਬਦਾਂ ’ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੇ ਇਸ ਸਿਖ਼ਰ ਦੇ ਸਨਮਾਨ ਵਾਲੇ ਅਹੁਦੇ ਦਾ ਨਿਰਾਦਰ ਹੈ।
ਕੋਈ ਵੀ ਸੱਚਾ ਸਿੱਖ ਅਜਿਹੀ ਹਰਕਤ ਨਹੀਂ ਕਰ ਸਕਦਾ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਹਨ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਅਤੇ ਜਥੇਦਾਰ ਸਾਹਿਬ ਨੂੰ ਲੈ ਕੇ ਚੱਲ ਰਹੇ ਵਿਵਾਦ ਨੂੰ ਪੰਜ ਸਿੰਘ ਸਾਹਿਬਾਨ ਨੇ ਗੰਭੀਰਤਾ ਨਾਲ ਲੈ ਕੇ ਫ਼ੈਸਲਾ ਸੁਣਾਇਆ ਹੈ।
ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਪਾਲਣਾ ਕਰਨਾ ਹਰੇਕ ਸਿੱਖ ਦਾ ਫ਼ਰਜ਼ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੀ ਅਵੱਗਿਆ ਕਰਨ ਤੇ ਜਥੇਦਾਰ ਸਾਹਿਬ ਦਾ ਨਿਰਾਦਰ ਕਰਨ ਵਾਲੇ ਸੱਚੇ ਸਿੱਖ ਨਹੀਂ ਹੋ ਸਕਦੇ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਦੇ ਪੁਤਲੇ ਫੂਕਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਅਜਿਹਾ ਕਰਕੇ ਸਿੱਖ ਕੌਮ ਦੀ ਸਨਮਾਨਜਨਕ ਹਸਤੀ ਦਾ ਨਿਰਾਦਰ ਕਰਨ ਦੀ ਅਵੱਗਿਆ ਕੀਤੀ ਹੈ, ਉਨ੍ਹਾਂ ਨੂੰ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।