ਜਲੰਧਰ: ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ‘ਐੱਨ. ਆਰ. ਆਈ. ਪੰਜਾਬੀਆਂ ਦੇ ਨਾਲ ਬੈਠਕ’ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਜਲੰਧਰ ਡਵੀਜ਼ਨ ਦੇ ਕਮਿਸ਼ਨਰ ਕਮ ਚੇਅਰਮੈਨ ਐੈੱਨ. ਆਰ. ਆਈ. ਸਭਾ ਗੁਰਪ੍ਰੀਤ ਕੌਰ ਸਪਰਾ ਨੇ ਇਸ ਸਬੰਧੀ ਦੱਸਿਆ ਕਿ 16 ਦਸੰਬਰ ਨੂੰ ਆਯੋਜਿਤ ਹੋਣ ਵਾਲੇ ਪ੍ਰੋਗਰਾਮ ਤਹਿਤ ਸਾਰੇ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਇਕ ਪਲੇਟਫਾਰਮ ’ਤੇ ਮੌਜੂਦ ਰਹਿਣਗੇ, ਜਿੱਥੇ ਉਹ ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ’ਤੇ ਚਰਚਾ ਕਰਨ ਤੋਂ ਬਾਅਦ ਪ੍ਰਕਿਰਿਆ ਨੂੰ ਇਕ ਉਚਿਤ ਤੇ ਤੇਜ਼ ਹੱਲ ਲਈ ਲਾਗੂ ਕੀਤਾ ਜਾਵੇਗਾ।
ਗੁਰਪ੍ਰੀਤ ਸਪਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੀਆਂ ਜਾਣ ਵਾਲੀਆਂ ਇਨ੍ਹਾਂ 5 ਮੀਟਿੰਗਾਂ ’ਚੋਂ ਪਹਿਲੀ ਮੀਟਿੰਗ 16 ਦਸੰਬਰ ਨੂੰ ਜਲੰਧਰ-ਕਰਤਾਰਪੁਰ ਹਾਈਵੇ ’ਤੇ ਸਥਿਤ ਸੇਂਟ ਸੋਲਜਰ ਕੈਂਪਸ ’ਚ ਹੋਵੇਗੀ। ਇਸ ਤੋਂ ਇਲਾਵਾ 19 ਦਸੰਬਰ ਨੂੰ ਐੱਸ. ਏ. ਐੱਸ. ਨਗਰ ਮੋਹਾਲੀ, 23 ਦਸੰਬਰ ਨੂੰ ਲੁਧਿਆਣਾ, 26 ਦਸੰਬਰ ਨੂੰ ਮੋਗਾ ਤੇ 30 ਦਸੰਬਰ ਨੂੰ ਅੰਮ੍ਰਿਤਸਰ ’ਚ ਜਲੰਧਰ ਤੋਂ ਇਲਾਵਾ ਐੱਸ. ਏ. ਐੱਸ. ’ਚ ਇਨ੍ਹਾਂ ਬੈਠਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਐੱਨ. ਆਰ. ਆਈ. ਪੰਜਾਬੀਆਂ ਨਾਲ ਬੈਠਕ ਪ੍ਰੋਗਰਾਮ ’ਚ 16 ਦਸੰਬਰ ਨੂੰ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਖ-ਵੱਖ ਦੇਸ਼ਾਂ ਦੇ ਅਪ੍ਰਵਾਸੀ ਪੰਜਾਬੀਆਂ ਨਾਲ ਚਰਚਾ ਕਰਨਗੇ।
ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 11 ਵਜੇ ਤੋਂ ਸ਼ੁਰੂ ਹੋਵੇਗੀ, ਜਿੱਥੇ ਐੱਨ. ਆਰ. ਆਈ. ਮਾਮਲਿਆਂ ਦੇ ਮੁੱਖ ਸਕੱਤਰ ਜੇ. ਬਾਲਾਮੁਰਗਨ, ਐੱਨ. ਆਰ. ਆਈ. ਵਿੰਗ ਦੇ ਏ. ਡੀ. ਜੀ. ਪੀ. ਪ੍ਰਵੀਨ ਕੁਮਾਰ ਸਿਨ੍ਹਾ ਤੋਂ ਇਲਾਵਾ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ ਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, ਪੁਲਸ ਕਮਿਸ਼ਨਰ ਤੇ ਐੱਸ. ਐੱਸ. ਪੀ. ਅਤੇ ਹੋਰ ਅਧਿਕਾਰੀ ਵੀ ਮੌਜੂਦ ਰਹਿਣਗੇ।
ਉਨ੍ਹਾਂ ਕਿਹਾ ਕਿ ਗ਼ੈਰ-ਪ੍ਰਵਾਸੀ ਪੰਜਾਬੀਆਂ ਦਾ ਰਜਿਸਟ੍ਰੇਸ਼ਨ ਸਵੇਰੇ 10.30 ਵਜੇ ਜਲੰਧਰ ’ਚ ਸ਼ੁਰੂ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਸਬੰਧਤ ਪੋਰਟਲ ਜ਼ਰੀਏ ਆਨਲਾਈਨ ਜਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਥਾਪਿਤ ਕਾਊਂਟਰਾਂ ’ਤੇ ਕੀਤਾ ਜਾ ਸਕਦਾ ਹੈ। ਗੁਰਪ੍ਰੀਤ ਸਪਰਾ ਨੇ ਦੋਆਬਾ ਖੇਤਰ ਦੇ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਐੱਨ. ਆਰ. ਆਈਜ਼. ਇਸ ਬੈਠਕ ’ਚ ਪਹੁੰਚ ਕੇ ਆਪਣੀਆਂ ਸਮੱਸਿਆਵਾਂ ਤੇ ਸੁਝਾਵਾਂ ਨੂੰ ਸਬੰਧਤ ਅਧਿਕਾਰੀਆਂ ਦੇ ਸਾਹਮਣੇ ਰੱਖਣ ਤਾਂ ਕਿ ਨਿਯਤ ਪ੍ਰਕਿਰਿਆ ਨੂੰ ਲਾਗੂ ਕੀਤਾ ਜਾ ਸਕੇ।