‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ 163 ਕਰੋੜ 62 ਲੱਖ ਰੁਪਏ ਦੀ ਵਸੂਲੀ ਦਾ ਨੋਟਿਸ ਜਾਰੀ

10 ਦਿਨਾਂ ’ਚ ਅਦਾ ਕਰਨੀ ਹੋਵੇਗੀ ਇਹ ਰਕਮ
ਨਵੀਂ ਦਿੱਲੀ : ਦਿੱਲੀ ਦੇ ਉਪ ਰਾਜਪਾਲ (ਐੱਲ.ਜੀ.) ਅਤੇ ਆਮ ਆਦਮੀ ਪਾਰਟੀ ਵਿਚਾਲੇ ਸਿਆਸੀ ਇਸ਼ਤਿਹਾਰਾਂ ਨੂੰ ਲੈ ਕੇ ਇਕ ਵਾਰ ਫਿਰ ਤਕਰਾਰ ਹੋ ਸਕਦੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿੱਚ ਆਪਣੇ ਸਿਆਸੀ ਇਸ਼ਤਿਹਾਰ ਛਾਪਣ ਲਈ 163 ਕਰੋੜ 62 ਲੱਖ ਰੁਪਏ ਦੀ ਰਿਕਵਰੀ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਦਿੱਲੀ ਦੇ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਵਲੋਂ ਜਾਰੀ ਕੀਤਾ ਗਿਆ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਮੁੱਖ ਸਕੱਤਰ ਨੂੰ 2015-2016 ਦੌਰਾਨ ਸਰਕਾਰੀ ਇਸ਼ਤਿਹਾਰਾਂ ਦੀ ਆੜ ਵਿਚ ਪ੍ਰਕਾਸ਼ਿਤ ਕੀਤੇ ਗਏ ਸਿਆਸੀ ਇਸ਼ਤਿਹਾਰਾਂ ਲਈ ਆਮ ਆਦਮੀ ਪਾਰਟੀ ਕੋਲੋਂ 97 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਚਨਾ ਅਤੇ ਪ੍ਰਚਾਰ ਡਾਇਰੈਕਟੋਰੇਟ ਵਲੋਂ ਹੁਣ ਜਾਰੀ ਕੀਤੇ ਗਏ ਰਿਕਵਰੀ ਨੋਟਿਸ ਵਿੱਚ ਇਸ ਰਕਮ ’ਤੇ ਵਿਆਜ ਵੀ ਸ਼ਾਮਲ ਹੈ। ਦਿੱਲੀ ’ਚ ਸੱਤਾਧਾਰੀ ‘ਆਪ’ ਨੂੰ 10 ਦਿਨਾਂ ਦੇ ਅੰਦਰ ਸਾਰੀ ਰਕਮ ਅਦਾ ਕਰਨ ਲਈ ਕਿਹਾ ਗਿਆ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਆਰੋਪ ਲਗਾਇਆ ਕਿ ਦਿੱਲੀ ਦੇ ਉਪ ਰਾਜਪਾਲ ਸਭ ਕੁਝ ਭਾਜਪਾ ਦੇ ਇਸ਼ਾਰੇ ’ਤੇ ਕਰ ਰਹੇ ਹਨ।