ਪਾਰਟੀ ’ਚੋਂ ਕੱਢਣ ਦੀ ਦਿੱਤੀ ਗਈ ਚਿਤਾਵਨੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮਪਤਨੀ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਅੱਜ ਕਾਂਗਰਸ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਤਾਰਿਕ ਅਨਵਰ ਵੱਲੋਂ ਜਾਰੀ ਪੱਤਰ ਵਿਚ ਪ੍ਰਨੀਤ ਕੌਰ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਭਾਜਪਾ ਦੀ ਮਦਦ ਦੇ ਲੱਗੇ ਦੋਸ਼ਾਂ ਸਬੰਧੀ ਤਿੰਨ ਦਿਨਾਂ ਵਿਚ ਜਵਾਬ ਦੇਣ ਲਈ ਕਿਹਾ ਗਿਆ ਹੈ, ਕਿ ਉਨ੍ਹਾਂ ਨੂੰ ਪਾਰਟੀ ਵਿਚੋਂ ਕਿਉਂ ਨਾ ਕੱਢਿਆ ਜਾਵੇ। ਜਵਾਬ ਨਾ ਦੇਣ ਦੀ ਸੂਰਤ ਵਿਚ ਉਨ੍ਹਾਂ ਨੂੰ ਪਾਰਟੀ ਵਿਚੋਂ ਵੀ ਕੱਢਿਆ ਜਾ ਸਕਦਾ ਹੈ। ਪ੍ਰਨੀਤ ਕੌਰ ਖਿਲਾਫ ਇਹ ਕਾਰਵਾਈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਧਿਆਨ ਰਹੇ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਹੁਦੇ ਤੋਂ ਹਟਾ ਕੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ‘ਪੰਜਾਬ ਲੋਕ ਕਾਂਗਰਸ’ ਨਾਂ ਪਾਰਟੀ ਬਣਾ ਲਈ ਸੀ ਅਤੇ ਉਨ੍ਹਾਂ ਆਪਣੀ ਪਾਰਟੀ ਦੇ ਚੋਣ ਨਿਸ਼ਾਨ ’ਤੇ ਵਿਧਾਨ ਸਭਾ ਚੋਣਾਂ ਵੀ ਲੜੀਆਂ ਪ੍ਰੰਤੂ ਉਹ ਚੋਣ ਹਾਰ ਗਏ ਸਨ। ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਪਾਰਟੀ ਦਾ ਭਾਰਤੀ ਜਨਤਾ ਪਾਰਟੀ ਵਿਚ ਰਲੇਵਾਂ ਕਰਦੇ ਹੋਏ ਭਾਜਪਾ ਦਾ ਪੱਲਾ ਫੜ ਲਿਆ ਸੀ ਪ੍ਰੰਤੂ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਨਹੀਂ ਸੀ ਦਿੱਤਾ।