ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਲੋਂ ਪੇਸ਼ ਕੀਤੇ ਗਏ ਹਰ ਬਜਟ ‘ਚ ਗਰੀਬਾਂ ਦੇ ਹਿੱਤ ਨੂੰ ਪਹਿਲ ਦਿੱਤੀ ਗਈ। ਕੇਂਦਰੀ ਬਜਟ ਪੇਸ਼ ਕੀਤੇ ਜਾਣ ਤੋਂ ਬਾਅਦ ਭਾਜਪਾ ਦੇ ਸੰਸਦੀ ਦਲ ਦੀ ਪਹਿਲੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੋਈ ਵੀ ਇਸ ਨੂੰ ‘ਚੋਣ ਬਜਟ’ ਨਹੀਂ ਕਹਿ ਰਿਹਾ ਹੈ, ਹਾਲਾਂਕਿ ਇਹ ਅਗਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਖ਼ਰੀ ਪੂਰਨ ਬਜਟ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇਕ ਫਰਵਰੀ ਨੂੰ ਬਜਟ ਪੇਸ਼ ਕੀਤਾ ਸੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬਜਟ ‘ਚ ਵਿਕਾਸ ਅਤੇ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਪ੍ਰਸਤਾਵ ਹੈ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੀ.ਐੱਮ. ਮੋਦੀ ਦੇ ਭਾਸ਼ਣ ਦਾ ਹਵਾਲਾ ਦਿੰਦੇ ਹੋਏ ਪੱਤਰਕਾਰਾਂ ਨੂੰ ਕਿਹਾ ਕਿ ਇੱਥੇ ਤੱਕ ਕਿ ਜੋ ਲੋਕ ਵਿਚਾਰਿਕ ਰੂਪ ਨਾਲ ਭਾਜਪਾ ਦੇ ਵਿਰੋਧੀ ਰਹੇ ਹਨ, ਉਨ੍ਹਾਂ ਨੇ ਵੀ ਬਜਟ ਦਾ ਸੁਆਗਤ ਕੀਤਾ ਹੈ। ਪ੍ਰਧਾਨ ਮੰਤਰੀ ਨੇ ਸੰਸਦ ਮੈਂਬਰਾਂ, ਖ਼ਾਸ ਕਰ ਕੇ ਸ਼ਹਿਰਾਂ ਤੋਂ ਆਉਣ ਵਾਲੇ ਸੰਸਦ ਮੈਂਬਰਾਂ ਤੋਂ ਖੇਡ ਪ੍ਰੋਗਰਾਮ ਆਯੋਜਿਤ ਕਰਨ ਲਈ ਕਿਹਾ, ਕਿਉਂਕਿ ਅਜਿਹਾ ਦੇਖਿਆ ਗਿਆ ਹੈ ਕਿ ਸ਼ਹਿਰ ਦੇ ਨੌਜਵਾਨ ਖੇਡਾਂ ‘ਚ ਹਿੱਸਾ ਨਹੀਂ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੀ20 ਬੈਠਕਾਂ ਲਈ ਭਾਰਤ ਆਉਣ ਵਾਲੇ ਵਿਦੇਸ਼ੀ ਮਹਿਮਾਨਾਂ ਨੇ ਦੇਸ਼ ‘ਚ ਉਨ੍ਹਾਂ ਦੇ ਸੁਆਗਤ ਦੀ ਸ਼ਲਾਘਾ ਕੀਤੀ ਹੈ।