ਭਿਆਨਕ ਹਾਦਸੇ ’ਚ 15 ਸਾਲਾ ਲੜਕੇ ਦੀ ਮੌਤ, ਇਕ ਜ਼ਖਮੀ

ਮੋਗਾ : ਧਰਮਕੋਟ ਨੇੜਲੇ ਪਿੰਡ ਬਾਜੇ ਕੇ ਕੋਲ ਬੀਤੀ ਰਾਤ ਛੋਟੇ ਹਾਥੀ ਨਾਲ ਟਕਰਾਅ ਜਾਣ ਕਾਰਨ ਮੋਟਰਸਾਈਕਲ ਸਵਾਰ ਹਰਪ੍ਰੀਤ ਸਿੰਘ (15) ਨਿਵਾਸੀ ਪਿੰਡ ਉਮਰੀਆਣਾ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਪਰਮਜੀਤ ਸਿੰਘ (18) ਨਿਵਾਸੀ ਪਿੰਡ ਵੇਹਰਾਂ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਮਨਜੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਪਰਮਜੀਤ ਸਿੰਘ ਮੋਟਰਸਾਈਕਲ ’ਤੇ ਜਾ ਰਹੇ ਸੀ ਤਾਂ ਉਨ੍ਹਾਂ ਦੀ ਪਿੰਡ ਬਾਜੇ ਕੇ ਕੋਲ ਛੋਟੇ ਹਾਥੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ, ਦੋਹਾਂ ਜ਼ਖਮੀਆਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ, ਜਿੱਥੇ ਹਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ ਜਦਕਿ ਪਰਮਜੀਤ ਸਿੰਘ ਜ਼ੇਰੇ ਇਲਾਜ ਹੈ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਹਰਪ੍ਰੀਤ ਸਿੰਘ ਦੇ ਪਿਤਾ ਕਾਲਾ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ।