ਦਿਲ ਦਹਿਲਾਉਣ ਵਾਲੀ ਵਾਰਦਾਤ, ਲੋਹੇ ਦੀਆਂ ਰਾਡਾਂ ਨਾਲ ਕੁੱਟ-ਕੁੱਟ ਸ਼ਖ਼ਸ ਦੀਆਂ ਤੋੜੀਆਂ ਹੱਡੀਆਂ

ਸੁਨਾਮ ਊਧਮ ਸਿੰਘ ਵਾਲਾ : ਸੁਨਾਮ ਤੋਂ ਇਕ ਦਿਲ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 6 ਵਿਅਕਤੀਆਂ ਵੱਲੋਂ ਲੋਹੇ ਦੀਆਂ ਰਾਡਾਂ ਨਾਲ ਇਕ ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਦਿਲ ਵਲੂੰਧਰਣ ਵਾਲੀ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਵੀਡੀਓ ‘ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਸ ਤਰ੍ਹਾਂ ਉਕਤ ਹਮਲਾਵਰਾਂ ਵੱਲੋਂ ਜਗਤਪੁਰਾ ਵਾਸੀ ਸੋਨੂੰ ਕੁਮਾਰ ਨੂੰ ਸੜਕ ‘ਤੇ ਘੇਰ ਕੇ ਉਸ ਦੀ ਲੋਹੇ ਦੀਆਂ ਰਾਡਾਂ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ।
ਸੋਨੂੰ ਕੁਮਾਰ ਵੱਲੋਂ ਹਮਲਾਵਰਾਂ ਅੱਗੇ ਹੱਥ ਜੋੜ ਕੇ ਉਸ ਨੂੰ ਬਖਸ਼ੇ ਜਾਣ ਦੀ ਗੁਹਾਰ ਲਗਾਈ ਜਾ ਰਹੀ ਹੈ ਪਰ ਉਹ ਬਿਨਾਂ ਕਿਸੇ ਰਹਿਮ ਤੋਂ ਲਗਾਤਾਰ ਉਸ ‘ਤੇ ਵਾਰ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਕੁੱਟਮਾਰ ਤੋਂ ਬਾਅਦ ਸੋਨੂੰ ਕੁਮਾਰ ਗੰਭੀਰ ਰੂਪ ‘ਚ ਜ਼ਖ਼ਮੀ ਹੋਇਆ ਹੈ ਅਤੇ ਉਹ ਹੁਣ ਬਠਿੰਡਾ ਦੇ ਏਮਜ਼ ਹਸਪਤਾਲ ਜ਼ੇਰੇ ਇਲਾਜ ਹੈ। ਨੌਜਵਾਨ ਦੀ ਕੁੱਟਮਾਰ ਇੰਨੀ ਬੇਰਹਿਮੀ ਨਾਲ ਕੀਤੀ ਗਈ, ਉਸ ਦੇ ਹੱਥਾਂ-ਬਾਹਾਂ ਦੀਆਂ ਹੱਡੀਆਂ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਟੁੱਟ ਗਈਆਂ ਹਨ। ਇਸ ਤੋਂ ਇਲਾਵਾ ਉਸ ਦੇ ਸਰੀਰ ਦੇ ਹੋਰ ਕਈ ਹਿੱਸਿਆਂ ’ਤੇ ਵੀ ਗੰਭੀਰ ਸੱਟਾਂ ਲੱਗੀਆਂ ਹਨ।
ਇਸ ਸੰਬੰਧੀ ਐੱਸ. ਐੱਚ. ਓ. ਅਜੇ ਕੁਮਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਘਟਨਾ ਕੁਝ ਦਿਨ ਪਹਿਲਾਂ ਦੀ ਹੈ ਅਤੇ ਇਸ ਸਬੰਧ ਵਿੱਚ 6 ਵਿਅਕਤੀਆਂ ‘ਤੇ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇੱਕ ਨੂੰ ਗ੍ਰਿਫਤਾਰ ਵੀ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਘਟਨਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।