ਔਰਤਾਂ ਨੂੰ ਮਿਲੇ ਮਾਹਵਾਰੀ ਛੁੱਟੀ, ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਦਿੱਤਾ ਇਹ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਵਿਦਿਆਰਥਣਾਂ ਅਤੇ ਕੰਮਕਾਜੀ ਔਰਤਾਂ ਨੂੰ ਮਾਹਵਾਰੀ ਦੌਰਾਨ ਛੁੱਟੀ ਦਿੱਤੇ ਜਾਣ ਦੀ ਅਪੀਲ ਕਰਨ ਵਾਲੀ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਕੋਰਟ ਨੇ ਕਿਹਾ ਕਿ ਇਹ ਮੁੱਦਾ ਸਰਕਾਰ ਦੇ ਨੀਤੀਗਤ ਦਾਇਰੇ ‘ਚ ਆਉਂਦਾ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਫ਼ੈਸਲਾ ਕਰਨ ਲਈ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਨੂੰ ਇਕ ਅਪੀਲ ਭੇਜੀ ਜਾ ਸਕਦੀ ਹੈ।
ਦਿੱਲੀ ਵਾਸੀ ਸੈਲੇਂਦਰ ਮਣੀ ਤ੍ਰਿਪਾਠੀ ਵਲੋਂ ਦਾਇਰ ਪਟੀਸ਼ਨ ‘ਚ ਮੈਟਰਨਿਟੀ ਲਾਭ ਐਕਟ 1961 ਦੀ ਧਾਰਾ 14 ਦੀ ਪਾਲਣਾ ਲਈ ਕੇਂਦਰ ਅਤੇ ਸਾਰੇ ਸੂਬਿਆਂ ਨੂੰ ਨਿਰਦੇਸ਼ ਦਿੱਤੇ ਜਾਣ ਦੀ ਅਪੀਲ ਕੀਤੀ ਗਈ ਹੈ। ਪਟੀਸ਼ਨਕਰਤਾ ਦੇ ਐਡਵੋਕੇਟ ਵਿਸ਼ਾਲ ਤਿਵਾੜੀ ਨੇ ਪਿਛਲੇ ਹਫ਼ਤੇ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਯੂਨਾਈਟੇਡ ਕਿੰਗਡਮ, ਚੀਨ, ਜਾਪਾਨ, ਤਾਇਵਾਨ, ਇੰਡੋਨੇਸ਼ੀਆ, ਦੱਖਣੀ ਕੋਰੀਆ, ਸਪੇਨ ਵਰਗੇ ਦੇਸ਼ਾਂ ‘ਚ ਪਹਿਲਾਂ ਤੋਂ ਹੀ ਕਿਸੇ ਨਾ ਕਿਸੇ ਰੂਪ ‘ਚ ਮਾਹਵਾਰੀ ਛੁੱਟੀ ਦਿੱਤੀ ਜਾ ਰਹੀ ਹੈ।