ਕਿਸਾਨਾਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਲਾਭ ਲੈਣ ਲਈ ਸਿਰਫ਼ ਦੋ ਦਿਨ ਬਾਕੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਵੱਖ-ਵੱਖ ਖੇਤੀ ਮਸ਼ੀਨਾਂ ਦੀ ਖ਼ਰੀਦ ਅਤੇ ਕਸਟਮ ਹਾਇੰਰਿੰਗ ਸੈਂਟਰ ਸਥਾਪਿਤ ਕਰਨ ਲਈ ਸਬਸਿਡੀ ਦੇਵੇਗੀ। ਇਹ ਜਾਣਕਾਰੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਸੂਬੇ ਦੇ ਕਿਸਾਨ ਨਿੱਜੀ ਤੌਰ ’ਤੇ ਅਤੇ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕਰਨ ਲਈ 28 ਫ਼ਰਵਰੀ, 2023 ਤੱਕ ਵਿਭਾਗ ਦੀ ਵੈੱਬਸਾਈਟ ’ਤੇ ਆਨਲਾਈਨ ਅਰਜ਼ੀਆਂ ਦੇ ਕੇ ਇਸ ਸਬਸਿਡੀ ਦਾ ਲਾਭ ਪ੍ਰਾਪਤ ਕਰ ਸਕਦੇ ਹਨ।
ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਹ ਕਦਮ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜੇਸ਼ਨ (ਸਮੈਮ) ਸਕੀਮ ਅਧੀਨ ਸੂਬੇ ਵਿੱਚ ਖੇਤੀ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਲਈ ਚੁੱਕਿਆ ਗਿਆ ਹੈ। ਇਸ ਸਕੀਮ ਅਧੀਨ ਕਿਸਾਨ ਨਿੱਜੀ ਤੌਰ ’ਤੇ ਅਤੇ ਕਸਟਮ ਹਾਇਰਿੰਗ ਸੈਂਟਰਾਂ ਦੇ ਅਧੀਨ ਪੰਚਾਇਤਾਂ, ਸਹਿਕਾਰੀ ਸੁਸਾਇਟੀਆਂ, ਪੇਂਡੂ ਉੱਦਮੀ, ਕਿਸਾਨ ਉਤਪਾਦਕ ਸੰਸਥਾਵਾਂ (ਐੱਫ.ਪੀ.ਓ.), ਰਜਿਸਟਰਡ ਕਿਸਾਨ ਗਰੁੱਪ ਆਦਿ ਮਸ਼ੀਨਾਂ ’ਤੇ ਸਬਸਿਡੀ ਲੈ ਸਕਦੇ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਕਸਟਮ ਹਾਇਰਿੰਗ ਸੈਂਟਰ ਦੀਆਂ ਵੱਖ-ਵੱਖ ਸ਼੍ਰੇਣੀਆਂ, ਜੋ 10 ਲੱਖ, 25 ਲੱਖ, 40 ਲੱਖ ਅਤੇ 60 ਲੱਖ ਆਦਿ ਦੀ ਲਾਗਤ ਨਾਲ ਸਥਾਪਿਤ ਹਨ, ਮਸ਼ੀਨਾਂ ਦੀ ਖ਼ਰੀਦ ਲਈ ਸਬਸਿਡੀ ਲੈ ਸਕਣਗੀਆਂ। ਉਨ੍ਹਾਂ ਦੱਸਿਆ ਕਿ ਸਬਸਿਡੀ ਦੀਆਂ ਦਰਾਂ ਜਨਰਲ ਵਰਗ ਲਈ 40 ਫ਼ੀਸਦੀ, ਸਪੈਸ਼ਲ ਕੰਪੋਨੈਂਟ ਲਈ 50 ਫ਼ੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 40 ਫ਼ੀਸਦੀ ਹੋਣਗੀਆਂ।
ਧਾਲੀਵਾਲ ਨੇ ਸੂਬੇ ਦੇ ਕਿਸਾਨਾਂ ਅਤੇ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਗਰੁੱਪਾਂ ਨੂੰ ਮਸ਼ੀਨਾਂ ਦੀ ਖ਼ਰੀਦ ’ਤੇ ਸਬਸਿਡੀ ਦਾ ਲਾਭ ਲੈਣ ਅਤੇ ਖੇਤੀਬਾੜੀ ਵਿਚ ਮਸ਼ੀਨੀਕਰਨ ਆਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਸ਼ੀਨੀਕਰਨ ਅਪਣਾ ਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬਸਿਡੀ ਬਾਰੇ ਵਧੇਰੇ ਜਾਣਕਾਰੀ ਲਈ ਕਿਸਾਨ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਨੂੰ ਵੀ ਮਿਲ ਸਕਦੇ ਹਨ।