ਸਿਸੋਦੀਆ ਦੀ ਗ੍ਰਿਫ਼ਤਾਰੀ ਵਿਰੁੱਧ ਸੰਘਰਸ਼ ਵਿੱਢੇਗੀ ‘ਆਪ’, ਅੱਜ ਸਾਰੇ ਦੇਸ਼ ‘ਚ ਸੜਕਾਂ ‘ਤੇ ਉਤਰਨਗੇ ਵਰਕਰ

ਨਵੀਂ ਦਿੱਲੀ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਗ੍ਰਿਫ਼ਤਾਰੀ ਨੂੰ ਲੈ ਕੇ ਸਿਆਸਤ ਦਾ ਮੈਦਾਨ ਪੂਰੀ ਤਰ੍ਹਾਂ ਭੱਖ ਰਿਹਾ ਹੈ। ਜਿੱਥੇ ਆਪ ਇਸ ਨੂੰ ਤਾਨਾਸ਼ਾਹੀ ਦੱਸ ਰਹੀ ਹੈ ਉੱਥੇ ਹੀ ਵਿਰੋਧੀਆਂ ਵੱਲੋਂ ਆਪ ‘ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਜਾ ਰਹੇ ਹਨ।
ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਅੱਜ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਿਆ ਜਾਵੇਗਾ। ਪਾਰਟੀ ਦੇ ਵਰਕਰ ਅੱਜ ਸੜਕਾਂ ‘ਤੇ ਉਤਰਨਗੇ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਨਾਲ ਹੀ ਦਿੱਲੀ ਵਿਚ ਦੀਨ ਦਿਆਲ ਉਪਾਧਿਆਏ ਮਾਰਗ ‘ਤੇ ਭਾਰਤੀ ਜਨਤਾ ਪਾਰਟੀ ਦੇ ਹੈੱਡਕੁਆਰਟਰ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸੋਮਵਾਰ ਨੂੰ ਸਵੇਰੇ 12 ਵਜੇ ਸ਼ੁਰੂ ਹੋਵੇਗਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਕਿਹਾ ਕਿ, “ਦੇਸ਼ ਦੇ ਲੱਖਾਂ ਬੱਚਿਆਂ ਦਾ ਭਵਿੱਖ ਸੰਵਾਰਨ ਵਾਲੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੂੰ ਫਰਜ਼ੀ ਕੇਸ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੇ ਵਿਰੋਧ ਵਿਚ ਆਮ ਆਦਮੀ ਪਾਰਟੀ ਸੋਮਵਾਰ ਨੂੰ ਪੂਰੇ ਦੇਸ਼ ਵਿਚ ਵਿਰੋਧ ਪ੍ਰਦਰਸ਼ਨ ਕਰੇਗੀ।”
ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਵਿਚ ਕਥਿਤ ਘਪਲੇ ਦੇ ਮਾਮਲੇ ’ਚ ਸੀ. ਬੀ. ਆਈ. ਨੇ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਪਹਿਲਾਂ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਬਕਾਰੀ ਨੀਤੀ ਘਪਲੇ ਦੀ ਸੀ. ਬੀ. ਆਈ. ਦੀ ਜਾਂਚ ‘ਚ ਸ਼ਾਮਲ ਹੋਏ। ਉਹ ਐਤਵਾਰ ਸਵੇਰੇ 11.10 ਵਜੇ ਸੀ. ਬੀ. ਆਈ. ਦੇ ਹੈੱਡਕੁਆਰਟਰ ਪਹੁੰਚੇ ਜਿੱਥੇ ਉਨ੍ਹਾਂ ਤੋਂ ਤਕਰੀਬਨ 8 ਘੰਟੇ ਤਕ ਪੁੱਛ-ਗਿੱਛ ਕੀਤੀ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।