ਬ੍ਰਹਮ ਮਹਿੰਦਰਾ ਨੂੰ ਤੀਜੀ ਵਾਰ ਸੰਮਨ ਜਾਰੀ

ਪੰਜਾਬ ਵਿਜੀਲੈਂਸ ਬਿਊਰੋ ਅੱਗੇ ਨਹੀਂ ਪੇਸ਼ ਹੋਏ ਸਾਬਕਾ ਕਾਂਗਰਸੀ ਮੰਤਰੀ
ਚੰਡੀਗੜ੍ਹ : ਕਾਂਗਰਸ ਪਾਰਟੀ ਨਾਲ ਸਬੰਧਤ ਸਾਬਕਾ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਲੰਘੇ ਕੱਲ੍ਹ ਬੁੱਧਵਾਰ ਨੂੰ ਵੀ ਪੰਜਾਬ ਵਿਜੀਲੈਂਸ ਬਿਊਰੋ ਅੱਗੇ ਪੇਸ਼ ਨਹੀਂ ਹੋਏ। ਬ੍ਰਹਮ ਮਹਿੰਦਰਾ ਤੋਂ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਕਰਨੀ ਹੈ। ਵਿਜੀਲੈਂਸ ਵੱਲੋਂ ਹੁਣ ਤੀਜੀ ਵਾਰ ਬ੍ਰਹਮ ਮਹਿੰਦਰਾ ਨੂੰ 9 ਮਾਰਚ ਲਈ ਸੰਮਨ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਮਹਿੰਦਰਾ ਨੂੰ ਵਿਜੀਲੈਂਸ ਨੇ ਲੰਘੀ 24 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਪਰ ਉਨ੍ਹਾਂ ਨੇ ਵਿਜੀਲੈਂਸ ਕੋਲੋਂ ਸਮੇਂ ਦੀ ਮੰਗ ਕੀਤੀ ਸੀ। ਮੀਡੀਆ ਰਿਪੋਰਟਾਂ ਮੁਤਾਬਕ ਉਹ ਕਿਸੇ ਕੰਮ ਲਈ ਬਾਹਰ ਗਏ ਹੋਏ ਸਨ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਉਹ ਹਾਲੇ ਵਾਪਸ ਨਹੀਂ ਪਰਤੇ ਹਨ। ਇਸ ਲਈ ਉਨ੍ਹਾਂ ਨੂੰ ਫਿਰ ਤੋਂ ਸੰਮਨ ਜਾਰੀ ਕੀਤਾ ਜਾ ਰਿਹਾ ਹੈ। ਵਿਜੀਲੈਂਸ ਦੀ ਜਾਂਚ ਵਿਚ ਬ੍ਰਹਮ ਮਹਿੰਦਰਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ’ਤੇ ਲੰਘੇ ਛੇ ਸਾਲਾਂ ਦੌਰਾਨ ਆਮਦਨ ਤੋਂ ਵੱਧ ਪੈਸਾ ਖਰਚਣ ਦੇ ਆਰੋਪ ਹਨ। ਧਿਆਨ ਰਹੇ ਕਿ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਚ ਬ੍ਰਹਮ ਮਹਿੰਦਰਾ ਕੈਬਨਿਟ ਸੀਨੀਆਰਤਾ ’ਚ ਦੂਜੇ ਨੰਬਰ ’ਤੇ ਸਨ। ਮਹਿੰਦਰਾ ਦੇ ਨਿਊ ਚੰਡੀਗੜ੍ਹ ਸਥਿਤ ਫਾਰਮ ਹਾਊਸ ਸਮੇਤ ਹੋਰ ਜਾਇਦਾਦਾਂ ਦਾ ਰਿਕਾਰਡ ਪ੍ਰਮਾਣਿਤ ਕਰਨ ਲਈ ਮਾਲ ਅਧਿਕਾਰੀਆਂ ਨੂੰ ਵੀ ਪੱਤਰ ਲਿਖਿਆ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਸ ਤੋਂ ਪਹਿਲਾਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਵੀ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਉਧਰ ਦੂਜੇ ਪਾਸੇ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਨਿਊ ਚੰਡੀਗੜ੍ਹ ਵਿਚ ਉਸਾਰੀ ਅਧੀਨ ਫਾਰਮ ਹਾਊਸ ਦੀ ਵੀ ਪੈਮਾਈਸ਼ ਕੀਤੀ ਗਈ ਹੈ।