ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੀਜੇ ਦਿਨ ਵੀ ਰਿਹਾ ਹੰਗਾਮਿਆਂ ਭਰਪੂਰ

ਸੀਐਮ ਮਾਨ ਦੇ ਪਹੁੰਚਣ ’ਤੇ ਕਾਂਗਰਸੀ ਵਿਧਾਇਕਾਂ ਨੇ ਕੀਤਾ ਬਾਈਕਾਟ
ਚੰਡੀਗੜ੍ਹ/ਬਿੳੂਰੋ ਨਿੳੂਜ਼
ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ ਅਤੇ ਇਸ ਬਜਟ ਇਜਲਾਸ ਦਾ ਅੱਜ ਤੀਜਾ ਵੀ ਹੰਗਾਮਿਆਂ ਭਰਪੂਰ ਹੀ ਰਿਹਾ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਸਦਨ ਦੀ ਕਾਰਵਾਈ ਦੇਖਣ ਲਈ ਪਹੁੰਚੇ ਹੋਏ ਸਨ। ਇਸੇ ਦੌਰਾਨ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਦਨ ਵਿਚ ਪਹੁੰਚੇ ਤਾਂ ਸਾਰੇ ਕਾਂਗਰਸੀ ਵਿਧਾਇਕ ਬਾਈਕਾਟ ਕਰਕੇ ਬਾਹਰ ਚਲੇ ਗਏ। ਇਸ ਦੌਰਾਨ ਸੀਐਮ ਮਾਨ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਣੇ ਕਾਂਗਰਸੀ ਪਾਰਟੀ ’ਤੇ ਤਨਜ਼ ਵੀ ਕਸਿਆ। ਭਗਵੰਤ ਮਾਨ ਨੇ ਪੁੱਛਿਆ ਕਿ ਕਾਂਗਰਸ ਪਾਰਟੀ ਕਿੱਥੇ ਹੈ ਜਾਂ ਫਿਰ ਕਿਸੇ ਹੋਰ ਪਾਰਟੀ ਵਿਚ ਸ਼ਾਮਲ ਹੋ ਗਈ ਹੈ। ਸੀਐਮ ਮਾਨ ਨੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਆਯੋਜਿਤ ਪਹਿਲੀ ਕਿਸਾਨ ਮਿਲਣੀ ਬਾਰੇ ਵੀ ਦੱਸਿਆ ਅਤੇ ਨਾਲ ਹੀ ਇਕ ਅਪਰੈਲ ਤੋਂ ਨਹਿਰੀ ਪਾਣੀ ਦੇਣ ਦੀ ਗੱਲ ਵੀ ਦੁਹਰਾਈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਤਿੱਖੀ ਬਹਿਸ ਵੀ ਹੋਈ। ਧਿਆਨ ਰਹੇ ਕਿ 10 ਮਾਰਚ ਨੂੰ ਪੰਜਾਬ ਸਰਕਾਰ ਵਲੋਂ ਬਜਟ ਪੇਸ਼ ਕੀਤਾ ਜਾਵੇਗਾ।