ਨਵੀਂ ਦਿੱਲੀ – ਕਿਸਾਨ ਇਕ ਵਾਰ ਫਿਰ ਤੋਂ ਸਰਕਾਰ ਖ਼ਿਲਾਫ਼ ਸੜਕਾਂ ‘ਤੇ ਉਤਰ ਆਏ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਯਾਨੀ ਕਿ ਸੋਮਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਵੱਡੀ ਗਿਣਤੀ ਵਿਚ ਕਿਸਾਨ ਜੰਤਰ-ਮੰਤਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਪੁਲਸ ਵੀ ਵੱਡੀ ਗਿਣਤੀ ਵਿਚ ਤਾਇਨਾਤ ਹੈ।
ਕਿਸਾਨਾਂ ਵਲੋਂ ਆਪਣੀ ਮੰਗਾਂ- ਘੱਟੋ-ਘੱਟ ਸਮਰਥਨ ਮੁੱਲ (MSP), ਪੰਜਾਬ ‘ਚ ਪਾਣੀ ਦੀ ਕਿੱਲਤ, ਲਖੀਮਪੁਰ ਖੀਰੀ ਕਾਂਡ ਵਿਚ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ‘ਤੇ ਕਾਰਵਾਈ, ਵਾਤਾਵਰਣ ਪ੍ਰਦੂਸ਼ਣ ਅਤੇ ਪੈਂਡਿੰਗ ਮੰਗਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਆਪਣੀਆਂ ਮੰਗਾਂ ਦੇ ਨਾਲ-ਨਾਲ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ‘ਤੇ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।
ਗੁਰਦੁਆਰਾ ਬੰਗਲਾ ਸਾਹਿਬ ਤੋਂ ਜੰਤਰ-ਮੰਤਰ ਤੱਕ ਕਿਸਾਨ ਮਾਰਚ ਕਰ ਰਹੇ ਹਨ। ਪੰਜਾਬ ਤੋਂ ਆਈਆਂ 5 ਕਿਸਾਨ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰ ਰਹੀਆਂ ਹਨ। ਇਨ੍ਹਾਂ ‘ਚ ਭਾਰਤੀ ਕਿਸਾਨ ਸੰਘ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਰਾਜੇਵਾਲ ਸੰਘ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਪ੍ਰਦਰਸ਼ਨ ਕਰ ਰਹੀਆਂ ਹਨ। ਇਹ ਕਿਸਾਨ ਜਥੇਬੰਦੀਆਂ 20 ਮਾਰਚ ਨੂੰ ਦਿੱਲੀ ਕੂਚ ਕਰਨਗੀਆਂ ਅਤੇ ਸੰਸਦ ਤੱਕ ਮਾਰਚ ਵੀ ਕਰਨਗੀਆਂ।
ਮੀਡੀਆ ਰਿਪੋਰਟਾਂ ਮੁਤਾਬਕ ਭਾਵੇਂ ਹੀ ਦਿੱਲੀ ਵਿਚ ਇਕ ਦਿਨਾਂ ਅੰਦੋਲਨ ਦਾ ਐਲਾਨ ਕੀਤਾ ਗਿਆ ਹੈ ਪਰ ਕਿਸਾਨਾਂ ਵਲੋਂ ਪੱਕੇ ਧਰਨੇ ਦੀ ਤਿਆਰੀ ਨਾਲ ਦਿੱਲੀ ਆਉਣ ਲਈ ਕਿਹਾ ਗਿਆ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਜੇਕਰ ਮੰਗਾਂ ਨਾ ਪੂਰੀਆਂ ਕੀਤੀਆਂ ਤਾਂ ਇਹ ਧਰਨਾ ਸਥਾਈ ਤੌਰ ਦੇ ਸ਼ੁਰੂ ਕੀਤਾ ਜਾ ਸਕਦਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਮੰਗਾਂ ਨਾ ਮੰਨ ਕੇ ਮੁੜ ਅੰਦੋਲਨ ਕਰਨ ਲਈ ਮਜਬੂਰ ਕਰਨਾ ਚਾਹੁੰਦੀ ਹੈ।