ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ‘ਚ ਆਈ.ਈ.ਡੀ. ਧਮਾਕੇ ਵਿੱਚ 2 ਲੋਕਾਂ ਦੀ ਮੌਤ, 8 ਜ਼ਖ਼ਮੀ

ਕਰਾਚੀ – ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਇੱਕ ਕਾਰੋਬਾਰੀ ਦੇ ਵਾਹਨ ਨੂੰ ਇਮਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (IED) ਨਾਲ ਨਿਸ਼ਾਨਾ ਬਣਾ ਕੇ ਕੀਤੇ ਗਏ ਧਮਾਕੇ ਵਿੱਚ ਘੱਟੋ-ਘੱਟ 2 ਲੋਕਾਂ ਦੀ ਮੌਤ ਹੋ ਗਈ ਅਤੇ 8 ਹੋਰ ਜ਼ਖ਼ਮੀ ਹੋ ਗਏ। ਇਹ ਜਾਣਕਾਰੀ ਬੁੱਧਵਾਰ ਨੂੰ ਇਕ ਮੀਡੀਆ ਰਿਪੋਰਟ ਤੋਂ ਮਿਲੀ ਹੈ। ਡਾਨ ਅਖ਼ਬਾਰ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਮੰਗਲਵਾਰ ਰਾਤ ਖੁਜਦਾਰ ਸ਼ਹਿਰ ਦੀ ਇਕ ਸੜਕ ‘ਤੇ ਹੋਇਆ।
ਖੁਜਦਾਰ ਦੇ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਫਹਾਦ ਖੋਸਾ ਨੇ ਕਿਹਾ ਕਿ ਮਾਰੇ ਗਏ ਲੋਕਾਂ ਵਿੱਚ ਇੱਕ ਸਥਾਨਕ ਪੱਤਰਕਾਰ ਦਾ 20 ਸਾਲਾ ਪੁੱਤਰ ਅਤੇ ਇਕ ਵਪਾਰੀ ਵੀ ਸ਼ਾਮਲ ਹੈ। ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਨੇ ਇਹ ਵੀ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਅਪਰਾਧੀਆਂ ਨੇ ਵਪਾਰੀ ਨੂੰ ਨਿਸ਼ਾਨਾ ਬਣਾਇਆ। ਹਮਲੇ ਦੀ ਨਿੰਦਾ ਕਰਦੇ ਹੋਏ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਦਾ ਦੇਸ਼ ਜਾਂ ਧਰਮ ਨਾਲ ਕੋਈ ਲੈਣਾ-ਦੇਣਾ ਨਹੀਂ ਹੈ ਅਤੇ ਉਨ੍ਹਾਂ ਨੂੰ ਇਨਸਾਨ ਵੀ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਦੇਸ਼ ਅੱਤਵਾਦ ਦੇ ਖਾਤਮੇ ‘ਚ ਲੱਗੇ ਹੋਏ ਹਨ।