ਦਿੱਲੀ ਵਿਧਾਨ ਸਭਾ ਦਾ ਸੈਸ਼ਨ ਅੱਜ ਤੋਂ ਹੋਵੇਗਾ ਸ਼ੁਰੂ, ਕੈਲਾਸ਼ ਗਹਿਲੋਤ 21 ਨੂੰ ਪੇਸ਼ ਕਰਨਗੇ ਬਜਟ

ਨਵੀਂ ਦਿੱਲੀ- ਦਿੱਲੀ ਸਰਕਾਰ ਦਾ ਬਜਟ ਅੱਜ ਯਾਨੀ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਿਹਾ ਹੈ। ‘ਆਪ’ ਸਰਕਾਰ ਦੇ ਵਿੱਤ ਮੰਤਰੀ ਕੈਲਾਸ਼ ਗਹਿਲੋਤ 2023-24 ਦਾ ਬਜਟ 21 ਮਾਰਚ ਨੂੰ ਵਿਧਾਨ ਸਭਾ ‘ਚ ਪੇਸ਼ ਕਰਨਗੇ। ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ ਉੱਪ ਰਾਜਪਾਲ ਵੀ.ਕੇ. ਸਕਸੈਨਾ ਦੇ ਸਦਨ ਨੂੰ ਸੰਬੋਧਨ ਕਰਨ ਦੇ ਨਾਲ ਸ਼ੁਰੂ ਹੋਵੇਗਾ। ਇਸ ‘ਚ ਸਰਕਾਰ ਦੀਆਂ ਉਪਲੱਬਧੀਆਂ ਗਿਣਾਈਆਂ ਜਾਣਗੀਆਂ। ਇਸ ਵਾਰ ਦੇ ਬਜਟ ‘ਚ ਸੜਕਾਂ ਅਤੇ ਡਬਲ-ਡੇਕਰ ਫਲਾਈਓਵਰ ਵਰਗੇ ਬੁਨਿਆਦੀ ਢਾਂਚਾ ਪ੍ਰਾਜੈਕਟਸ ਲਈ ਸਭ ਤੋਂ ਵੱਧ ਪੈਸੇ ਦਿੱਤੇ ਜਾਣ ਦਾ ਅਨੁਮਾਨ ਹੈ। ਹੈਲਥ ਅਤੇ ਐਜ਼ੂਕੇਸ਼ਨ ‘ਤੇ ਸਰਕਾਰ ਦਾ ਵਿਸ਼ੇਸ਼ ਫੋਕਸ ਰਹਿ ਸਕਦਾ ਹੈ।
ਵਿੱਤ ਮੰਤਰੀ ਕੈਲਾਸ਼ ਗਹਿਲੋਤ ਵਿਧਾਨ ਸਭਾ ‘ਚ ਆਪਣਾ ਪਹਿਲਾ ਬਜਟ ਪੇਸ਼ ਕਰਨਗੇ। ਦਿੱਲੀ ਸ਼ਰਾਬ ਨੀਤੀ ਘਪਲਾ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਬਾਅਦ ਸਿਸੋਦੀਆ ਨੇ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕੋਲ ਵਿੱਤ ਵਿਭਾਗ ਵੀ ਸੀ। ਬਾਅਦ ‘ਚ ਵਿੱਤ ਵਿਭਾਗ ਦਾ ਚਾਰਜ ਗਹਿਲੋਤ ਨੂੰ ਸੌਂਪ ਦਿੱਤਾ ਗਿਆ।