ਜਲੰਧਰ ਵਿਖੇ ਸੰਤ ਕਬੀਰ ਦਾਸ ਮੰਦਿਰ ਨਤਮਸਤਕ ਹੋਏ CM ਭਗਵੰਤ ਮਾਨ, ਆਖੀਆਂ ਅਹਿਮ ਗੱਲਾਂ

ਜਲੰਧਰ – 10 ਮਈ ਨੂੰ ਹੋਣ ਵਾਲੀ ਜਲੰਧਰ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਲਈ ਹਰ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਬੀਤੇ ਦਿਨਾਂ ਤੋਂ ਜਲੰਧਰ ਵਿਚ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਸੰਤ ਕਬੀਰ ਦਾਸ ਜੀ ਦੇ ਮੰਦਿਰ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਉਨ੍ਹਾਂ ਦੇ ਨਾਲ ਸੁਸ਼ੀਲ ਰਿੰਕੂ ਅਤੇ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵੀ ਮੌਜੂਦ ਰਹੇ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੰਤ ਕਬੀਰ ਜੀ ਵਿਚਾਰਾਂ ਪੱਖੋਂ ਬਹੁਤ ਅਮੀਰ ਸਨ। ਅੱਜ ਸੰਤ ਕਬੀਰ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਤ ਕਬੀਰ ਜੀ ਦੀਆਂ ਲਿਖ਼ਤਾਂ ਦਾ ਅਨੁਵਾਦ ਹੋਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਨੂੰ ਖ਼ੁਸ਼ ਕੀਤਾ ਜਾਵੇਗਾ। ਪੰਜਾਬ ਵਿਚ ਵੱਡੀਆਂ ਇੰਡਸਟਰੀਆਂ ਆ ਰਹੀਆਂ ਹਨ। ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿਚ ਹੀ ਨੌਕਰੀਆਂ ਦੇਵਾਂਗੇ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਆਰਥਿਕ ਪੱਖੋਂ ਪਿੱਛੇ ਰਹਿ ਗਏ ਹਨ, ਉਨ੍ਹਾਂ ਲੋਕਾਂ ਨੂੰ ਉਪਰ ਚੁੱਕਿਆ ਜਾਵੇਗਾ। ਅਸੀਂ ਬੱਚਿਆਂ ਨੂੰ ਕੁਆਲਿਟੀ ਐਜੂਕੇਸ਼ਨ ਦੇਵਾਂਗੇ। ਨੌਜਵਾਨਾਂ ਨੂੰ ਪੰਜਾਬ ਵਿਚ ਹੀ ਨੌਕਰੀਆਂ ਦਿੱਤੀਆਂ ਜਾਣਗੀਆਂ। ਡਿਗਰੀਆਂ ਮੁਤਾਬਕ ਹੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਥੇ ਬੱਚਿਆਂ ਨੂੰ ਉੱਡਣ ਲਈ ਖੁੱਲ੍ਹਾ ਆਸਮਾਨ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਵਿਚ ਲੋਕਾਂ ਤੋਂ ਸਹਿਯੋਗ ਵੀ ਮੰਗਿਆ।