ਨਵੀਂ ਦਿੱਲੀ- ਕੇਂਦਰੀ ਮੰਤਰੀ ਪ੍ਰੀਸ਼ਦ ਵਿਚ ਫੇਰਬਦਲ ਕੀਤਾ ਗਿਆ ਹੈ। ਕਿਰੇਨ ਰਿਜਿਜੂ ਦੀ ਥਾਂ ਸੰਸਦੀ ਕਾਰਜ ਰਾਜ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਕਾਨੂੰਨ ਮੰਤਰੀ ਬਣਾਇਆ ਗਿਆ ਹੈ। ਰਿਜਿਜੂ ਹੁਣ ਪ੍ਰਿਥਵੀ ਵਿਗਿਆਨ ਮੰਤਰਾਲੇ ਦਾ ਅਹੁਦਾ ਸੰਭਾਲਣਗੇ। ਅਹੁਦੇ ਤੋਂ ਹਟਾਏ ਜਾਣ ਮਗਰੋਂ ਕਿਰੇਨ ਰਿਜਿਜੂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨਿਆਂ ਮੰਤਰੀ ਦੇ ਰੂਪ ਵਿਚ ਕੰਮ ਕਰਨਾ, ਉਨ੍ਹਾਂ ਲਈ ਸਨਮਾਨ ਦੀ ਗੱਲ ਰਹੀ। ਉਨ੍ਹਾਂ ਨੇ ਚੀਫ਼ ਜਸਟਿਸ ਡੀ. ਵਾਈ. ਚੰਦਰਚੂੜ, ਸੁਪਰੀਮ ਕੋਰਟ, ਹਾਈ ਕੋਰਟਾਂ ਅਤੇ ਹੇਠਲੀ ਅਦਾਲਤਾਂ ਦੇ ਜੱਜਾਂ ਅਤੇ ਕਾਨੂੰਨੀ ਅਧਿਕਾਰੀਆਂ ਨੂੰ ਉਨ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਦਿੱਤਾ।
ਰਿਜਿਜੂ ਨੇ ਇਹ ਵੀ ਕਿਹਾ ਕਿ ਉਹ ਪ੍ਰਿਥਵੀ ਵਿਗਿਆਨ ਮੰਤਰਾਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨਿਆਂ ਨੂੰ ਪੂਰਾ ਕਰਨ ਦੀ ਦਿਸ਼ਾ ਵਿਚ ਕੰਮ ਕਰਨ ਲਈ ਆਸਵੰਦ ਹਨ। ਉਨ੍ਹਾਂ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਵਿਚ ਕੇਂਦਰੀ ਕਾਨੂੰਨ ਅਤੇ ਨਿਆਂ ਮੰਤਰੀ ਦੇ ਰੂਪ ਵਿਚ ਕੰਮ ਕਰਨਾ ਸਨਮਾਨਜਨਕ ਰਿਹਾ। ਮੈਂ ਪ੍ਰਿਥਵੀ ਵਿਗਿਆਨ ਮੰਤਰਾਲਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੁਫ਼ਨੇ ਨੂੰ ਉਸੇ ਊਰਜਾ ਅਤੇ ਉਤਸ਼ਾਹ ਨਾਲ ਪੂਰਾ ਕਰਨ ਲਈ ਆਸਵੰਦ ਹਾਂ।