ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਰਤਾਰਪੁਰ ਜੰਗ-ਏ-ਅਜ਼ਾਦੀ ਨੇੜੇ ਪ੍ਰਾਈਵੇਟ ਬੱਸਾਂ ਦੀ ਕੀਤੀ ਅਚਨਚੇਤ ਚੈਕਿੰਗ

ਕਰਤਾਰਪੁਰ – ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਜਲੰਧਰ ਦੇ ਅਧਿਕਾਰੀਆਂ ਨਾਲ ਸਵੇਰੇ ਕਰੀਬ 9.30 ਵਜੇ ਜੀ. ਟੀ. ਰੋਡ ਕਰਤਾਰਪੁਰ ਜੰਗ-ਏ-ਅਜ਼ਾਦੀ ਯਾਦਗਰ ਤੋਂ ਪ੍ਰਾਈਵੇਟ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਭੁੱਲਰ ਨੇ ਬੱਸਾਂ ਨੂੰ ਰੋਕ ਕੇ ਟੈਕਸ, ਬੀਮੇ, ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ।
ਪੰਜਾਬ ਕੇਸਰੀ ਨਾਲ ਗੱਲਬਾਤ ਕਰਦਿਆਂ ਸਰਦਾਰ ਭੁੱਲਰ ਨੇ ਦੱਸਿਆ ਕਿ ਇਹ ਚੈਕਿੰਗ ਵਿਸ਼ੇਸ਼ ਤੌਰ ‘ਤੇ ਪ੍ਰਾਈਵੇਟ ਬੱਸਾਂ ਦੇ ਟੈਕਸ, ਬੀਮਾ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਪਾਲਣਾ ਕਰਨ ‘ਚ ਲਾਪਰਵਾਹੀ ਵਰਤਣ ਵਾਲੇ ਬੱਸ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਫੜਨ ਲਈ ਕੀਤੀ ਜਾ ਰਹੀ ਹੈ ਤਾਂ ਜੋ ਵਿਭਾਗੀ ਕਾਰਵਾਈ ਕੀਤੀ ਜਾ ਸਕੇ।
ਇਸ ਸਬੰਧੀ ਔਰਤਾਂ ਨੂੰ ਵਿਸ਼ੇਸ਼ ਕਰਕੇ ਸਰਕਾਰੀ ਬੱਸਾਂ ਵਿਚ ਚਾਲਕਾਂ ਅਤੇ ਕੰਡਕਟਰਾਂ ਵੱਲੋਂ ਨਾ ਬਿਠਾਏ ਜਾਣ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਭੁੱਲਰ ਨੇ ਕਿਹਾ ਕਿ ਅਜਿਹੇ ਕੰਡਕਟਰਾਂ ਖ਼ਿਲਾਫ਼ ਜੁਰਮਾਨਾ ਅਤੇ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਗਈ ਮੁਫ਼ਤ ਬੱਸ ਸੇਵਾ ਦਾ ਲਾਭ ਸਾਰੇ ਬੱਸ ਚਾਲਕ ਈਮਾਨਦਾਰੀ ਅਤੇ ਸਨਮਾਨ ਨਾਲ ਦੇਣ।